ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੁੱਖ ਮੰਤਰੀ ਸਬੰਧੀ ਸੰਦੇਸ਼ ਵਾਲੇ ਹੋਰਡਿੰਗ ਲੱਗੇ, ਸਿਆਸੀ ਮਾਹੌਲ ਗਰਮਾਇਆ

ਚੰਡੀਗੜ੍ਹ: ਪੰਜਾਬ ਦੇ ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ਸਮੇਤ ਕਈ ਸ਼ਹਿਰਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਸੰਦੇਸ਼ ਵਾਲੇ ਹੋਰਡਿੰਗ ਲਗਾਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਹੋਰਡਿੰਗਾਂ ਵਿੱਚ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਦਾ ਹਵਾਲਾ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ, ਇਹ ਹੋਰਡਿੰਗ ਵੱਖ-ਵੱਖ ਜਨਤਕ ਥਾਵਾਂ 'ਤੇ ਲਗਾਏ ਗਏ ਹਨ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਹ ਬੋਰਡ ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ, ਚੱਬੇਵਾਲ, ਮਾਹਿਲਪੁਰ, ਟੂਟੋ ਮਾਜਰਾ ਅਤੇ ਦਸੂਹਾ ਸਮੇਤ ਕਈ ਥਾਵਾਂ 'ਤੇ ਦੇਖੇ ਗਏ ਹਨ।

ਇਸ ਘਟਨਾਕ੍ਰਮ ਤੋਂ ਬਾਅਦ ਸੂਬੇ ਵਿੱਚ ਇਸ ਮੁੱਦੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ 'ਤੇ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਇਨ੍ਹਾਂ ਹੋਰਡਿੰਗਾਂ ਨੂੰ ਕਿਸ ਸੰਸਥਾ ਜਾਂ ਵਿਅਕਤੀ ਵੱਲੋਂ ਲਗਾਇਆ ਗਿਆ ਹੈ, ਇਸ ਬਾਰੇ ਅਧਿਕਾਰਤ ਤੌਰ 'ਤੇ ਕੋਈ ਪੁਸ਼ਟੀ ਨਹੀਂ ਹੋਈ।

ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਜਾਂ ਸੂਬਾ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸੇ ਦੌਰਾਨ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਪਹਿਲਾਂ ਜਾਰੀ ਹੋਏ ਫ਼ੈਸਲੇ ਅਤੇ ਉਸ ਤੋਂ ਬਾਅਦ ਦੇ ਘਟਨਾਕ੍ਰਮ ਨੂੰ ਲੈ ਕੇ ਵੱਖ-ਵੱਖ ਵਰਗਾਂ ਵਿੱਚ ਵਿਚਾਰ-ਵਟਾਂਦਰਾ ਜਾਰੀ ਹੈ।