ਹੋਰਮੁਜ਼ ਜਲਡਮਰੂਮੱਧ ਵਿੱਚ ਵਧਿਆ ਤਣਾਅ, ਅਮਰੀਕਾ ਨੇ ਇਰਾਨੀ ਫੌਜੀ ਟਿਕਾਣਿਆਂ 'ਤੇ ਕਾਰਵਾਈ ਦਾ ਕੀਤਾ ਦਾਅਵਾ

ਨਵੀਂ ਦਿੱਲੀ : ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਇੱਕ ਨਵਾਂ ਘਟਨਾਕ੍ਰਮ ਸਾਹਮਣੇ ਆਇਆ ਹੈ। ਅਮਰੀਕੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਇਰਾਨ ਦੇ ਮਿਜ਼ਾਈਲ ਅਤੇ ਡਰੋਨ ਸਟੋਰੇਜ ਟਿਕਾਣਿਆਂ ਦੇ ਨਾਲ-ਨਾਲ ਕੁਝ ਤੱਟੀ ਰਾਡਾਰ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਉਂਦਿਆਂ ਫੌਜੀ ਕਾਰਵਾਈ ਕੀਤੀ ਹੈ।
ਅਮਰੀਕਾ ਦਾ ਕਹਿਣਾ ਹੈ ਕਿ ਇਹ ਕਾਰਵਾਈ ਹੋਰਮੁਜ਼ ਜਲਡਮਰੂਮੱਧ ਵਿੱਚ ਇੱਕ ਵਪਾਰਕ ਜਹਾਜ਼ 'ਤੇ ਹੋਏ ਕਥਿਤ ਡਰੋਨ ਹਮਲੇ ਦੇ ਜਵਾਬ ਵਜੋਂ ਕੀਤੀ ਗਈ, ਜਿਸ ਲਈ ਉਸ ਨੇ ਇਰਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਦੂਜੇ ਪਾਸੇ, ਇਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਅਮਰੀਕੀ ਕਾਰਵਾਈ ਦੀ ਨਿੰਦਾ ਕਰਦਿਆਂ ਇਸ ਨੂੰ ਦੋਵਾਂ ਦੇਸ਼ਾਂ ਵਿਚਾਲੇ ਹੋਏ ਸਮਝੌਤਿਆਂ ਦੀ ਉਲੰਘਣਾ ਕਰਾਰ ਦਿੱਤਾ ਹੈ। ਇਰਾਨ ਦਾ ਕਹਿਣਾ ਹੈ ਕਿ ਹੋਰਮੁਜ਼ ਜਲਡਮਰੂਮੱਧ ਵਿੱਚ ਆਵਾਜਾਈ ਨਾਲ ਸਬੰਧਤ ਆਪਣੇ ਅਧਿਕਾਰਾਂ ਬਾਰੇ ਉਸ ਦਾ ਰੁਖ਼ ਪਹਿਲਾਂ ਵਾਂਗ ਹੀ ਕਾਇਮ ਹੈ।
ਇਸ ਤਾਜ਼ਾ ਘਟਨਾ ਤੋਂ ਬਾਅਦ ਖਾੜੀ ਖੇਤਰ ਵਿੱਚ ਸੁਰੱਖਿਆ ਅਤੇ ਸਮੁੰਦਰੀ ਆਵਾਜਾਈ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਅੰਤਰਰਾਸ਼ਟਰੀ ਭਾਈਚਾਰਾ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਅਤੇ ਕੂਟਨੀਤਕ ਗੱਲਬਾਤ ਰਾਹੀਂ ਤਣਾਅ ਘਟਾਉਣ ਦੀ ਅਪੀਲ ਕਰ ਰਿਹਾ ਹੈ।