ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਤਿੰਨ ਸਾਲ ਪਹਿਲਾਂ ਗਿਆ ਸੀ ਵਿਦੇਸ਼

ਮਾਛੀਵਾੜਾ/ਅਮਰੀਕਾ: ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
ਮ੍ਰਿਤਕ ਦੀ ਪਹਿਚਾਣ 27 ਸਾਲਾ ਸੇਖਪ੍ਰੀਤ ਸਿੰਘ (ਸੇਖੀ) ਵਜੋਂ ਹੋਈ ਹੈ, ਜੋ ਸ੍ਰੀ ਮਾਛੀਵਾੜਾ ਸਾਹਿਬ ਨੇੜਲੇ ਪਿੰਡ ਹੇਡੋਂ ਬੇਟ ਦਾ ਰਹਿਣ ਵਾਲਾ ਸੀ। ਪਰਿਵਾਰਕ ਜਾਣਕਾਰੀ ਅਨੁਸਾਰ, ਉਹ ਕਰੀਬ ਤਿੰਨ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਦੀ ਆਸ ਨਾਲ ਅਮਰੀਕਾ ਗਿਆ ਸੀ, ਜਿੱਥੇ ਉਹ ਟਰੱਕ ਚਲਾਉਣ ਦਾ ਕੰਮ ਕਰ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਉਹ ਉੱਤਰੀ ਫਿਲਾਡੈਲਫੀਆ ਵਿੱਚ ਆਪਣਾ ਟਰੱਕ ਖੜ੍ਹਾ ਕਰਨ ਤੋਂ ਬਾਅਦ ਕਾਰ ਰਾਹੀਂ ਆਪਣੇ ਟਿਕਾਣੇ ਵੱਲ ਜਾ ਰਿਹਾ ਸੀ। ਇਸ ਦੌਰਾਨ ਇੱਕ ਚੌਰਾਹੇ ਨੇੜੇ ਉਸਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਮੁਤਾਬਕ, ਸੇਖਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਹੇਡੋਂ ਬੇਟ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਗਹਿਰਾ ਦੁੱਖ ਅਤੇ ਸੋਗ ਦਾ ਮਾਹੌਲ ਬਣ ਗਿਆ ਹੈ।