ਆਮ ਆਦਮੀ ਪਾਰਟੀ ਨੇ 28 ਜੂਨ ਲਈ ਵਿਧਾਇਕਾਂ ਅਤੇ ਮੰਤਰੀਆਂ ਦੀ ਅਹਿਮ ਬੈਠਕ ਬੁਲਾਈ

ਚੰਡੀਗੜ੍ਹ,  : ਆਮ ਆਦਮੀ ਪਾਰਟੀ (ਆਪ) ਨੇ 28 ਜੂਨ ਨੂੰ ਆਪਣੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਸੱਦੀ ਹੈ। ਜਾਣਕਾਰੀ ਮੁਤਾਬਕ ਇਹ ਬੈਠਕ ਅੰਮ੍ਰਿਤਸਰ ਵਿੱਚ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋ ਸਕਦੇ ਹਨ।

ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਮੌਜੂਦਾ ਸਿਆਸੀ ਅਤੇ ਧਾਰਮਿਕ ਮਸਲਿਆਂ ਸਮੇਤ ਹੋਰ ਅਹਿਮ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਪਾਰਟੀ ਵੱਲੋਂ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਸ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਸ ਬੈਠਕ ਦਾ ਸਮਾਂ ਉਸ ਵੇਲੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਜਦੋਂ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਪੇਸ਼ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਸ ਸੰਦਰਭ ਵਿੱਚ ਵੀ ਮੀਟਿੰਗ ਦੌਰਾਨ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਤੌਰ 'ਤੇ ਸੱਦਾ ਮਿਲਦਾ ਹੈ ਤਾਂ ਉਹ ਉੱਥੇ ਪੇਸ਼ ਹੋਣਗੇ। ਹਾਲਾਂਕਿ, ਹੁਣ ਤੱਕ ਉਨ੍ਹਾਂ ਨੂੰ ਕੋਈ ਅਧਿਕਾਰਤ ਨੋਟਿਸ ਜਾਰੀ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।