ਸਤਿਕਾਰ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਇੱਕ ਮਹੀਨੇ ਵਿੱਚ ਸੋਧ ਕਰਨ ਦੇ ਆਦੇਸ਼ 👉'ਬਿੱਲ ਪੜ੍ਹੇ ਬਿਨਾਂ ਪਾਸ ਕੀਤਾ'—ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਧਾਇਕਾਂ ਦੀ ਕਬੂਲੀਅਤ, ਸੋਧ ਕਰਣ ਲਈ ਸਹਿਮਤੀ

 
ਨਵੀਂ ਦਿੱਲੀ, 29 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ &lsquoਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026&rsquo ਸਬੰਧੀ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਨਾਲ ਹੀ ਆਦੇਸ਼ ਕੀਤਾ ਗਿਆ ਕਿ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਹਿਮਤੀ ਅਨੁਸਾਰ ਸੋਧ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਸ ਕਾਨੂੰਨ ਦੀ ਕਾਰਵਾਈ ਮੁਲਤਵੀ ਰੱਖੀ ਜਾਵੇ। ਇਕੱਤਰਤਾ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਕੱਤਰਤਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਇੰਦਰਬੀਰ ਸਿੰਘ ਨਿੱਝਰ, ਗੁਰਮੀਤ ਸਿੰਘ ਖੁੱਡੀਆਂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਰਗਟ ਸਿੰਘ, ਮਨਪ੍ਰੀਤ ਸਿੰਘ ਅਯਾਲੀ ਸਮੇਤ ਵੱਖ-ਵੱਖ ਪਾਰਟੀਆਂ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ ਵਿਚਾਰ ਰੱਖੇ। ਚਰਚਾ ਦੌਰਾਨ ਕਈ ਵਿਧਾਇਕਾਂ ਅਤੇ ਮੰਤਰੀਆਂ ਨੇ ਮੰਨਿਆ ਕਿ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਨਾ ਤਾਂ ਇਸ ਦਾ ਖਰੜਾ ਪੜ੍ਹਿਆ ਸੀ ਅਤੇ ਨਾ ਹੀ ਉਸ 'ਤੇ ਵਿਸਥਾਰ ਨਾਲ ਵਿਚਾਰ ਕੀਤਾ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇੰਨੇ ਸੰਵੇਦਨਸ਼ੀਲ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਕਾਨੂੰਨ ਪਾਸ ਕਰਨਾ ਪੰਜਾਬ ਸਰਕਾਰ ਦੀ ਗੰਭੀਰ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਸਿੱਖ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਅਤੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣ ਵਾਲੀਆਂ ਇਤਰਾਜ਼ਯੋਗ ਧਾਰਾਵਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਨਾਲ ਹੀ ਇਹ ਵੀ ਸੁਝਾਅ ਦਿੱਤਾ ਗਿਆ ਕਿ ਜੇਕਰ ਕਿਸੇ ਸਿੱਖ-ਵਿਰੋਧੀ ਡੇਰੇ ਨਾਲ ਸਬੰਧਤ ਵਿਅਕਤੀ ਵੱਲੋਂ ਜਾਣਬੁੱਝ ਕੇ ਬੇਅਦਬੀ ਕੀਤੀ ਜਾਂਦੀ ਹੈ ਤਾਂ ਸਬੰਧਤ ਡੇਰੇ ਦੇ ਮੁਖੀ ਵਿਰੁੱਧ ਵੀ ਕਾਨੂੰਨੀ ਕਾਰਵਾਈ ਦੀ ਵਿਵਸਥਾ ਕੀਤੀ ਜਾਵੇ। ਇਕੱਤਰਤਾ ਦੇ ਅੰਤ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਹਾਜ਼ਰ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਤੋਂ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਸਹਿਮਤੀ ਲਈ ਗਈ, ਜਿਸ 'ਤੇ ਸਾਰਿਆਂ ਨੇ ਹੱਥ ਖੜ੍ਹੇ ਕਰਕੇ ਸਮਰਥਨ ਪ੍ਰਗਟਾਇਆ। ਜਥੇਦਾਰ ਗੜਗੱਜ ਨੇ 2015 ਬਰਗਾੜੀ ਬੇਅਦਬੀ ਅਤੇ 2017 ਮੌੜ ਬੰਬ ਧਮਾਕਾ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਦਾ ਮੁੱਦਾ ਵੀ ਉਠਾਉਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਪੰਥ ਤੇ ਪੰਜਾਬ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਸਿੰਘ ਸਾਹਿਬਾਨ ਨੇ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।