ਬੇਅਦਬੀ ਕਾਨੂੰਨ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ‘ਆਪ’ ਦੇ ਸਿੱਖ ਮੰਤਰੀ ਤੇ ਵਿਧਾਇਕਾਂ ਨੇ ਰੱਖਿਆ ਆਪਣਾ ਪੱਖ

 ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਸਬੰਧੀ ਵਿਵਾਦ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਣਵਾਈ ਸ਼ੁਰੂ ਹੋਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਿੱਖ ਮੰਤਰੀ ਅਤੇ ਵਿਧਾਇਕ ਨੰਗੇ ਪੈਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਆਪਣਾ ਲਿਖਤੀ ਸਪੱਸ਼ਟੀਕਰਨ ਪੇਸ਼ ਕੀਤਾ।

ਸੁਣਵਾਈ ਦੌਰਾਨ ਕੁਝ ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਨੇ ਬਿੱਲ ਦੇ ਹੱਕ ਵਿੱਚ ਸਹਿਮਤੀ ਤਾਂ ਦਿੱਤੀ ਸੀ, ਪਰ ਇਸ ਨੂੰ ਪੂਰੀ ਤਰ੍ਹਾਂ ਪੜ੍ਹਿਆ ਨਹੀਂ ਸੀ। ਇਸ ਬਿਆਨ ਤੋਂ ਬਾਅਦ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਕਾਨੂੰਨ ਬਣਾਉਣ ਦਾ ਅਧਿਕਾਰ ਹੈ, ਪਰ ਜਦੋਂ ਕੋਈ ਕਾਨੂੰਨ ਸਿੱਖ ਧਰਮ ਅਤੇ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਵੇ ਤਾਂ ਉਸ ਦੀ ਤਿਆਰੀ ਤੋਂ ਪਹਿਲਾਂ ਸਿੱਖ ਸੰਸਥਾਵਾਂ ਅਤੇ ਸੰਬੰਧਿਤ ਧਿਰਾਂ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਕਾਨੂੰਨ ਵਿੱਚ ਸੋਧ ਕਰਨ ਤੋਂ ਪਹਿਲਾਂ ਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਹੋਰ ਸਿੱਖ ਸੰਸਥਾਵਾਂ ਦੀ ਰਾਏ ਲਈ ਗਈ ਸੀ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਿੱਲ ਨੂੰ ਪਾਸ ਕਰਨ ਦੀ ਪ੍ਰਕਿਰਿਆ ਜਲਦਬਾਜ਼ੀ ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇਸ ਕਾਨੂੰਨ ਸਬੰਧੀ ਕੋਈ ਇਤਰਾਜ਼ ਜਾਂ ਸੁਝਾਅ ਹਨ ਤਾਂ ਸਰਕਾਰ ਉਨ੍ਹਾਂ 'ਤੇ ਵਿਚਾਰ ਕਰਨ ਲਈ ਤਿਆਰ ਹੈ।

ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਸ ਮਾਮਲੇ 'ਤੇ ਵਿਧਾਨ ਸਭਾ ਵਿੱਚ ਚਰਚਾ ਦੀ ਮੰਗ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸਰਕਾਰ ਦੇ ਰਵੱਈਏ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਸਾਰੀਆਂ ਧਿਰਾਂ ਨਾਲ ਸਲਾਹ-ਮਸ਼ਵਰਾ ਲਾਜ਼ਮੀ ਹੋਣਾ ਚਾਹੀਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਦੀ ਸੁਣਵਾਈ ਅੱਗੇ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਹੋਰ ਫ਼ੈਸਲੇ ਜਾਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।