ਸਤਿਕਾਰ ਐਕਟ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ, ਸੋਧਾਂ ਤੱਕ ਐਕਟ ਲਾਗੂ ਨਾ ਕਰਨ ਦੀ ਅਪੀਲ

 ਅੰਮ੍ਰਿਤਸਰ, : &lsquoਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026&rsquo ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਲੰਬੀ ਸੁਣਵਾਈ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਸਾਹਮਣੇ ਆਏ। ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਹੋਈ ਬੈਠਕ ਵਿੱਚ ਪੰਜਾਬ ਸਰਕਾਰ ਨੂੰ ਕਾਨੂੰਨ ਸਬੰਧੀ ਇਤਰਾਜ਼ਾਂ ਅਤੇ ਸੁਝਾਵਾਂ 'ਤੇ ਵਿਚਾਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਕਿ ਇਸ ਅਰਸੇ ਦੌਰਾਨ ਸਰਕਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰੇ ਅਤੇ ਜਦੋਂ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ ਐਕਟ ਨੂੰ ਲਾਗੂ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਸੁਣਵਾਈ ਦੌਰਾਨ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਿੱਖ ਵਿਧਾਇਕ ਅਤੇ ਮੰਤਰੀ ਵੀ ਮੌਜੂਦ ਰਹੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਆਪਣਾ ਪੱਖ ਰੱਖਿਆ ਅਤੇ ਧਾਰਮਿਕ ਮਰਿਆਦਾ ਅਨੁਸਾਰ ਅਗਲੇ ਕਦਮ ਚੁੱਕਣ ਦਾ ਭਰੋਸਾ ਦਿੱਤਾ।

ਬੈਠਕ ਦੇ ਅੰਤ ਵਿੱਚ ਹਾਜ਼ਰ ਸੰਗਤ ਅਤੇ ਆਗੂਆਂ ਨੇ "ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ" ਦੇ ਜੈਕਾਰਿਆਂ ਨਾਲ ਫ਼ੈਸਲੇ ਦਾ ਸਵਾਗਤ ਕੀਤਾ। ਵੱਖ-ਵੱਖ ਸਿਆਸੀ ਧਿਰਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਨਿਰਧਾਰਤ ਸਮੇਂ ਅੰਦਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਲਈ ਸਹਿਯੋਗ ਦੇਣਗੇ।

ਹੁਣ ਸਭ ਦੀ ਨਜ਼ਰ ਪੰਜਾਬ ਸਰਕਾਰ ਦੀ ਅਗਲੀ ਕਾਰਵਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਜਾਣ ਵਾਲੇ ਸੁਝਾਵਾਂ 'ਤੇ ਟਿਕੀ ਹੋਈ ਹੈ, ਜਿਨ੍ਹਾਂ ਦੇ ਆਧਾਰ 'ਤੇ ਕਾਨੂੰਨ ਵਿੱਚ ਸੋਧਾਂ ਬਾਰੇ ਅੰਤਿਮ ਫ਼ੈਸਲਾ ਲਿਆ ਜਾਵੇਗਾ।