ਸ਼੍ਰੋਮਣੀ ਕਮੇਟੀ ਵੱਲੋਂ 5 ਜੁਲਾਈ ਨੂੰ ਵੱਡੇ ਪੰਥਕ ਇਕੱਠ ਦੀ ਤਿਆਰੀ

ਸਤਿਕਾਰ ਸੋਧ ਐਕਟ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਵਿਧਾਇਕਾਂ ਤੇ ਮੰਤਰੀਆਂ ਦੀ ਪੇਸ਼ੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਆਦੇਸ਼ ਦੇ ਮਾਮਲੇ ਵਿੱਚ ਸਿੱਖ ਸੰਗਤ ਨੂੰ ਲਾਮਬੰਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਪੰਜ ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਡਾ ਪੰਥਕ ਇਕੱਠ ਸੱਦਿਆ ਗਿਆ ਹੈ।

ਦੱਸਣ ਯੋਗ ਹੈ ਕਿ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਸੰਗਤ ਨੂੰ ਉਸ ਦਾ ਵਿਰੋਧ ਕਰਨ ਦਾ ਵੀ ਆਦੇਸ਼ ਕੀਤਾ ਗਿਆ। ਇਸੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮੁੱਖ ਮੰਤਰੀ ਦੇ ਬਾਈਕਾਟ ਦੇ ਵੱਡੇ ਫਲੈਕਸ ਬੋਰਡ ਵੀ ਲਾਏ ਗਏ ਹਨ।
ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਇਨ੍ਹਾਂ ਦਿਨਾਂ ਵਿੱਚ ਵੱਖ ਵੱਖ ਥਾਵਾਂ ਤੇ ਵੱਡੇ ਇਕੱਠ ਕੀਤੇ ਜਾ ਰਹੇ ਹਨ। ਜਿਸ ਤੋਂ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੇ ਗਏ ਫੈਸਲੇ ਨੂੰ ਸੰਗਤ ਨੇ ਪ੍ਰਵਾਨ ਨਹੀਂ ਕੀਤਾ ਹੈ।