ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਨਾਲ ਮਹਿਲਾਵਾਂ ਨੂੰ ਆਰਥਿਕ ਸਹਾਰਾ, ਸਰਕਾਰ ਨੇ ਪਹਿਲੀ ਕਿਸ਼ਤ ਕੀਤੀ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਪਣੀ ਘੋਸ਼ਿਤ &lsquoਮਾਵਾਂ-ਧੀਆਂ ਸਤਿਕਾਰ ਯੋਜਨਾ&rsquo ਤਹਿਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹਿਲੀ ਵਿੱਤੀ ਸਹਾਇਤਾ ਦੀ ਰਕਮ ਜਾਰੀ ਕਰ ਦਿੱਤੀ ਹੈ। ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਧੂਰੀ ਤੋਂ ਕੀਤੀ ਗਈ।

ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਯੋਜਨਾ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਜਨਰਲ ਵਰਗ ਦੀਆਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸੰਬੰਧਿਤ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਜਾਰੀ ਕੀਤੇ ਗਏ ਹਨ।

ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਪਰਿਵਾਰਾਂ ਨੂੰ ਵਿੱਤੀ ਸਹਾਰਾ ਮਿਲੇਗਾ ਅਤੇ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।

ਜ਼ਿਕਰਯੋਗ ਹੈ ਕਿ ਇਹ ਯੋਜਨਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਚੋਣੀ ਵਾਅਦਿਆਂ ਵਿੱਚੋਂ ਇੱਕ ਸੀ। ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੇ ਬਜਟ ਵਿੱਚ ਇਸ ਯੋਜਨਾ ਦੇ ਸੰਚਾਲਨ ਲਈ ਲਗਭਗ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।

ਸਰਕਾਰ ਦਾ ਕਹਿਣਾ ਹੈ ਕਿ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਨਿਯਮਿਤ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ। ਯੋਗਤਾ ਅਤੇ ਹੋਰ ਸ਼ਰਤਾਂ ਅਨੁਸਾਰ ਬਾਕੀ ਲਾਭਪਾਤਰੀਆਂ ਨੂੰ ਵੀ ਰਕਮ ਪੜਾਅਵਾਰ ਜਾਰੀ ਕੀਤੀ ਜਾਵੇਗੀ।