ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਕਮ ਜਮ੍ਹਾਂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਆਰਥਿਕ ਤੌਰ &rsquoਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ &lsquoਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ&rsquo ਦੀ ਅਧਿਕਾਰਕ ਸ਼ੁਰੂਆਤ ਕਰ ਦਿੱਤੀ ਹੈ। ਯੋਜਨਾ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ (ਜ਼ਿਲ੍ਹਾ ਸੰਗਰੂਰ) ਵਿੱਚ ਆਯੋਜਿਤ ਸਮਾਗਮ ਦੌਰਾਨ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ।
ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਸਰਕਾਰ ਨੇ ਯੋਜਨਾ ਦੀ ਸ਼ੁਰੂਆਤ ਮੌਕੇ ਹੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਪਹਿਲੀ ਇਕੱਠੀ ਕਿਸ਼ਤ ਜਮ੍ਹਾਂ ਕਰਵਾਈ ਹੈ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 3,000 ਰੁਪਏ, ਜਦਕਿ ਐੱਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 4,500 ਰੁਪਏ ਪ੍ਰਾਪਤ ਹੋਏ ਹਨ।
ਸਰਕਾਰੀ ਜਾਣਕਾਰੀ ਅਨੁਸਾਰ, ਇਸ ਯੋਜਨਾ ਲਈ ਸੂਬੇ ਭਰ ਵਿੱਚ ਕਰੀਬ 40 ਲੱਖ ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਪਹਿਲ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਅਤੇ ਪਰਿਵਾਰਕ ਜੀਵਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਸਸ਼ਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ।
ਰਕਮ ਖਾਤਿਆਂ ਵਿੱਚ ਜਮ੍ਹਾਂ ਹੋਣ ਤੋਂ ਬਾਅਦ ਕਈ ਲਾਭਪਾਤਰੀਆਂ ਨੇ ਖੁਸ਼ੀ ਪ੍ਰਗਟ ਕੀਤੀ। ਧੂਰੀ ਦੀ ਰਹਿਣ ਵਾਲੀ ਚਰਨਪ੍ਰੀਤ ਕੌਰ ਨੇ ਦੱਸਿਆ ਕਿ ਮੋਬਾਈਲ &rsquoਤੇ ਰਕਮ ਜਮ੍ਹਾਂ ਹੋਣ ਦਾ ਸੁਨੇਹਾ ਮਿਲਦੇ ਹੀ ਉਹ ਬਹੁਤ ਖੁਸ਼ ਹੋਈ। ਵਿਦਿਆਰਥਣ ਪੂਜਾ ਸਿੰਘਲ ਨੇ ਕਿਹਾ ਕਿ ਇਹ ਸਹਾਇਤਾ ਉਸ ਦੀ ਪੜ੍ਹਾਈ ਨਾਲ ਜੁੜੇ ਖਰਚਿਆਂ ਵਿੱਚ ਮਦਦਗਾਰ ਸਾਬਤ ਹੋਵੇਗੀ। ਉੱਥੇ ਹੀ ਸੰਗਰੂਰ ਦੀ ਸਰਬਜੀਤ ਕੌਰ ਨੇ ਕਿਹਾ ਕਿ ਹੁਣ ਉਹ ਆਪਣੇ ਨਿੱਜੀ ਖਰਚੇ ਅਤੇ ਪਰਿਵਾਰਕ ਰਸਮਾਂ ਲਈ ਕਿਸੇ &rsquoਤੇ ਨਿਰਭਰ ਨਹੀਂ ਰਹੇਗੀ।
ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਤੜਾਂ ਵਿੱਚ ਵੀ ਇੱਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜੇ ਆਗੂ ਕਰਨ ਸਿੰਘ ਡੀ.ਟੀ.ਓ. ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਹ ਸਾਬਕਾ ਵਿਧਾਇਕਾ ਵਰਿੰਦਰ ਕੌਰ ਲੂਮਬਾ ਦੇ ਪਤੀ ਹਨ। ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਸ ਨੂੰ ਸੰਗਠਨ ਲਈ ਮਜ਼ਬੂਤੀ ਵਾਲਾ ਕਦਮ ਕਰਾਰ ਦਿੱਤਾ।