ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, ਨੌਜਵਾਨਾਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੁੜਨ ਦਾ ਸੱਦਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਗੁਰਬਾਣੀ, ਸਿੱਖ ਰਹਿਤ ਅਤੇ ਸਿੱਖੀ ਦੇ ਸਰੂਪ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕੌਮ ਨੂੰ ਆਪਸੀ ਏਕਤਾ ਅਤੇ ਸਾਂਝ ਬਣਾਈ ਰੱਖਣ ਦਾ ਵੀ ਸੰਦੇਸ਼ ਦਿੱਤਾ।

ਉਨ੍ਹਾਂ ਆਪਣੇ ਸੰਬੋਧਨ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੇ ਸਿਧਾਂਤ ਨੂੰ ਅਪਣਾਇਆ ਅਤੇ ਰੂਹਾਨੀਅਤ ਦੇ ਨਾਲ-ਨਾਲ ਅਨਿਆਂ ਅਤੇ ਜ਼ੁਲਮ ਦਾ ਡਟ ਕੇ ਮੁਕਾਬਲਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਗਈ, ਜੋ ਸਿੱਖ ਪੰਥ ਦਾ ਸਰਵਉੱਚ ਤਖ਼ਤ ਮੰਨਿਆ ਜਾਂਦਾ ਹੈ।

ਜਥੇਦਾਰ ਨੇ ਕਿਹਾ ਕਿ ਸਿੱਖ ਧਰਮ ਦੇ ਧਾਰਮਿਕ ਚਿੰਨ੍ਹਾਂ ਅਤੇ ਰਵਾਇਤਾਂ ਦੀ ਮਹੱਤਤਾ ਨੂੰ ਬਰਕਰਾਰ ਰੱਖਣਾ ਸਮੂਹ ਸਿੱਖ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਏਕਤਾ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਨਾਲ ਜੁੜੇ ਰਹਿਣ ਅਤੇ ਕੌਮ ਦੀ ਮਜ਼ਬੂਤੀ ਲਈ ਮਿਲ ਕੇ ਯਤਨ ਕਰਨ।

ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।