ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸਆਈਆਰ ਤਹਿਤ ਭਰਿਆ ਵੋਟਰ ਤਸਦੀਕ ਫਾਰਮ, ਲੋਕਾਂ ਨੂੰ ਵੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦੀ ਅਪੀਲ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਿਲ ਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਵੋਟਰ ਤਸਦੀਕ ਫਾਰਮ ਭਰ ਕੇ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ (ਬੀਐੱਲਓ) ਨੂੰ ਸੌਂਪੇ। ਇਹ ਪ੍ਰਕਿਰਿਆ ਸੰਗਰੂਰ ਦੀ ਡ੍ਰੀਮ ਲੈਂਡ ਕਲੋਨੀ ਵਿੱਚ ਪੂਰੀ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਲਈ ਸ਼ੁਰੂ ਕੀਤੀ ਗਈ ਐੱਸਆਈਆਰ ਮੁਹਿੰਮ 25 ਜੂਨ ਤੋਂ 24 ਜੁਲਾਈ 2026 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਕੁੱਲ 9 ਲੱਖ 18 ਹਜ਼ਾਰ ਤੋਂ ਵੱਧ ਵੋਟਰ ਦਰਜ ਹਨ, ਜਿਨ੍ਹਾਂ ਵਿੱਚੋਂ 30 ਜੂਨ ਤੱਕ ਕਰੀਬ 90 ਫੀਸਦੀ ਵੋਟਰਾਂ ਤੱਕ ਅਨੁਮਾਨੀ ਫਾਰਮ ਪਹੁੰਚਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਵਿੱਚ ਜ਼ਰੂਰ ਹਿੱਸਾ ਲੈਣ ਅਤੇ ਆਪਣੇ ਫਾਰਮ ਸਮੇਂ ਸਿਰ ਭਰਨ। ਉਨ੍ਹਾਂ ਕਿਹਾ ਕਿ ਹਰ ਬੂਥ ਲੈਵਲ ਅਫ਼ਸਰ ਹਰ ਘਰ ਵਿੱਚ ਤਿੰਨ ਵਾਰ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਵੋਟਰ ਸੂਚੀ ਦਾ ਡਰਾਫਟ ਜਾਰੀ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਉਸ ਸਮੇਂ ਤੱਕ ਆਪਣਾ ਫਾਰਮ ਜਮ੍ਹਾਂ ਨਹੀਂ ਕਰਵਾ ਸਕਦਾ, ਤਾਂ ਉਹ 3 ਸਤੰਬਰ ਤੱਕ ਫਾਰਮ ਨੰਬਰ-6 ਭਰ ਕੇ ਆਪਣਾ ਨਾਮ ਸ਼ਾਮਲ ਕਰਵਾ ਸਕਦਾ ਹੈ। ਅੰਤਿਮ ਵੋਟਰ ਸੂਚੀ ਅਕਤੂਬਰ 2026 ਵਿੱਚ ਜਾਰੀ ਕੀਤੇ ਜਾਣ ਦੀ ਯੋਜਨਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੰਗਰੂਰ ਸ਼ਹਿਰ ਦੇ ਸੁੰਦਰੀਕਰਨ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਹਿਨ ਕੇ ਬਣਾਈ ਗਈ ਇੱਕ ਵੀਡੀਓ ਨਾਲ ਸਬੰਧਤ ਸਮੱਗਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤੀ ਜਾਵੇਗੀ।