ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਵਿਚਕਾਰ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਵਧਾਈਆਂ ਸਿਆਸੀ ਚਰਚਾਵਾਂ

ਚੰਡੀਗੜ੍ਹ, &ndash ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦੇ ਦਰਮਿਆਨ ਸੂਬੇ ਦੀ ਸਿਆਸਤ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਈ ਹੈ। ਇੱਕ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਵਿਖੇ ਆਪਣੇ ਸਮਰਥਕਾਂ ਨਾਲ ਬੈਠਕ ਕਰਕੇ ਸੰਗਠਨ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਦਾ ਸੰਕੇਤ ਦਿੱਤਾ, ਜਦਕਿ ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਰੰਧਾਵਾ ਅਤੇ ਅਮਿਤ ਸ਼ਾਹ ਦੀ ਇਸ ਮੁਲਾਕਾਤ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾਣ ਲੱਗੀਆਂ। ਹਾਲਾਂਕਿ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਮੁਲਾਕਾਤ ਪੂਰੀ ਤਰ੍ਹਾਂ ਪੰਜਾਬ ਵਿੱਚ ਵਧ ਰਹੀਆਂ ਗੈਂਗਸਟਰ ਗਤੀਵਿਧੀਆਂ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦਿਆਂ 'ਤੇ ਕੇਂਦਰਿਤ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਉਹ ਪਹਿਲਾਂ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਤੀ ਰੂਪ ਵਿੱਚ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾ ਚੁੱਕੇ ਹਨ। ਇਸੇ ਕੜੀ ਤਹਿਤ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਦੇਣ ਦੀ ਲੋੜ ਉਭਾਰੀ।

ਭਾਵੇਂ ਰੰਧਾਵਾ ਨੇ ਮੁਲਾਕਾਤ ਨੂੰ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ਤੱਕ ਸੀਮਿਤ ਦੱਸਿਆ ਹੈ, ਪਰ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਹਲਚਲ ਦੇ ਮੱਦੇਨਜ਼ਰ ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਦੌਰ ਜਾਰੀ ਹੈ।