ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀਆਂ ਤਿਆਰੀਆਂ, ਕਈ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਦੀ ਸੰਭਾਵਨਾ

ਚੰਡੀਗੜ੍ਹ, 3 ਜੁਲਾਈ &ndash ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲਦ ਹੀ ਪੰਜਾਬ ਦੌਰੇ 'ਤੇ ਆਉਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਇਸ ਦੌਰੇ ਦੌਰਾਨ ਉਹ ਸੂਬੇ ਨਾਲ ਜੁੜੇ ਕਈ ਵਿਕਾਸ ਪ੍ਰਾਜੈਕਟ ਲੋਕ ਅਰਪਣ ਕਰ ਸਕਦੇ ਹਨ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਜਲਦੀ ਤੈਅ ਹੋ ਸਕਦਾ ਹੈ। ਹਾਲਾਂਕਿ ਦੌਰੇ ਦੀ ਅਧਿਕਾਰਤ ਤਰੀਕ ਅਤੇ ਪੂਰਾ ਪ੍ਰੋਗਰਾਮ ਅਜੇ ਜਾਰੀ ਨਹੀਂ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦਾ ਦੌਰਾ ਕੀਤਾ ਸੀ। ਉਸ ਸਮੇਂ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ "ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ" ਰੱਖਣ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦਾ ਉਦਘਾਟਨ ਵੀ ਕੀਤਾ ਸੀ।

ਆਪਣੇ ਪਿਛਲੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਵੀ ਮੱਥਾ ਟੇਕਿਆ ਸੀ। ਹੁਣ ਉਨ੍ਹਾਂ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਸੂਬੇ ਵਿੱਚ ਇੱਕ ਵਾਰ ਫਿਰ ਸਿਆਸੀ ਅਤੇ ਪ੍ਰਸ਼ਾਸਕੀ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ।