ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਤੇਜ਼, ਪੰਜ ਦਿਨਾਂ ਵਿੱਚ 10 ਹਜ਼ਾਰ ਗ੍ਰਿਫ਼ਤਾਰੀਆਂ ਦਾ ਦਾਅਵਾ

ਵਾਸ਼ਿੰਗਟਨ &ndash ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਇਮੀਗ੍ਰੇਸ਼ਨ ਕਾਰਵਾਈ ਹੋਰ ਤੇਜ਼ ਹੋ ਗਈ ਹੈ। ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਨਾਲ ਜੁੜੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਜਾਣਕਾਰੀ ਸਾਹਮਣੇ ਆਈ ਹੈ ਕਿ ਜੂਨ ਦੇ ਆਖਰੀ ਪੰਜ ਦਿਨਾਂ ਦੌਰਾਨ ਲਗਭਗ 10,000 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਰਿਪੋਰਟਾਂ ਮੁਤਾਬਕ ਇਹ ਕਾਰਵਾਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਇਮੀਗ੍ਰੇਸ਼ਨ ਨੀਤੀ ਨੂੰ ਲਾਗੂ ਕਰਨ ਦੇ ਯਤਨਾਂ ਦਾ ਹਿੱਸਾ ਮੰਨੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਇਸ ਮਿਆਦ ਦੌਰਾਨ ਹਰ ਰੋਜ਼ ਔਸਤਨ ਕਰੀਬ 2,000 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਇਹ ਕਾਰਵਾਈਆਂ ਕਿਹੜੇ-ਕਿਹੜੇ ਸ਼ਹਿਰਾਂ ਜਾਂ ਰਾਜਾਂ ਵਿੱਚ ਹੋਈਆਂ।

ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਏਜੰਸੀਆਂ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਅਤੇ ਦੇਸ਼ ਨਿਕਾਲਾ ਦੇਣ ਲਈ ਕਾਰਵਾਈ ਜਾਰੀ ਰੱਖਣਗੀਆਂ।

ਵਿਭਾਗ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਅੰਕੜਿਆਂ ਅਨੁਸਾਰ ਜੂਨ ਮਹੀਨੇ ਦੌਰਾਨ ICE ਦੇ ਨਜ਼ਰਬੰਦੀ ਕੇਂਦਰਾਂ ਵਿੱਚ ਲਿਆਂਦੇ ਗਏ ਲੋਕਾਂ ਦੀ ਗਿਣਤੀ ਕਰੀਬ 39,000 ਤੱਕ ਪਹੁੰਚ ਗਈ, ਜੋ ਪਿਛਲੇ ਕੁਝ ਮਹੀਨਿਆਂ ਦੇ ਮੁਕਾਬਲੇ ਵੱਧ ਹੈ।