2027 ਦੀਆਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਮੁੜ ਸਰਕਾਰ ਬਣਾਏਗੀ: ਨਿਤਿਨ ਨਬੀਨ

ਲਖਨਊ- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦਾਅਵਾ ਕੀਤਾ ਹੈ ਕਿ ਉੱਤਰ ਪ੍ਰਦੇਸ਼ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਇੱਕ ਵਾਰ ਫਿਰ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਸੰਗਠਨ ਮਜ਼ਬੂਤੀ ਨਾਲ ਜਨਤਾ ਵਿਚਕਾਰ ਕੰਮ ਕਰ ਰਿਹਾ ਹੈ।

ਦੋ ਦਿਨਾਂ ਦੇ ਦੌਰੇ 'ਤੇ ਲਖਨਊ ਪਹੁੰਚੇ ਨਿਤਿਨ ਨਬੀਨ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਲ ਰਹੇ ਭਰਵੇਂ ਸਮਰਥਨ ਅਤੇ ਵਰਕਰਾਂ ਦੇ ਉਤਸ਼ਾਹ ਤੋਂ ਸਪੱਸ਼ਟ ਹੈ ਕਿ ਭਾਜਪਾ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਦੁਬਾਰਾ ਜਨਤਾ ਦਾ ਭਰੋਸਾ ਮਿਲੇਗਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ 'ਡਬਲ ਇੰਜਣ' ਸਰਕਾਰ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਬੁਨਿਆਦੀ ਢਾਂਚੇ, ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਕਾਰਨ ਲੋਕਾਂ ਦਾ ਭਾਜਪਾ 'ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ।

ਨਿਤਿਨ ਨਬੀਨ ਨੇ ਕਿਹਾ ਕਿ ਲਖਨਊ ਸਮੇਤ ਸੂਬੇ ਭਰ ਵਿੱਚ ਵਰਕਰਾਂ ਦਾ ਉਤਸ਼ਾਹ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ।

ਇਸ ਤੋਂ ਪਹਿਲਾਂ ਲਖਨਊ ਪਹੁੰਚਣ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਆਪਣੇ ਦੋ ਦਿਨਾਂ ਦੇ ਦੌਰੇ ਦੌਰਾਨ ਉਹ ਸੀਨੀਅਰ ਨੇਤਾਵਾਂ ਨਾਲ ਕਈ ਬੈਠਕਾਂ ਕਰਨਗੇ, ਜਿਨ੍ਹਾਂ ਵਿੱਚ ਚੋਣੀ ਰਣਨੀਤੀ, ਸੰਗਠਨ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਮੌਕੇ ਉਹ ਇੱਕ ਵਿਸ਼ੇਸ਼ ਤੌਰ 'ਤੇ ਸਜਾਏ ਗਏ ਪ੍ਰਚਾਰ ਰੱਥ 'ਤੇ ਵੀ ਸਵਾਰ ਹੋਏ, ਜਿਸ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਤਸਵੀਰਾਂ ਅਤੇ "ਸੇਵਾ, ਸੁਸ਼ਾਸਨ ਅਤੇ ਲੋਕ ਭਲਾਈ" ਦਾ ਸੰਦੇਸ਼ ਦਰਸਾਇਆ ਗਿਆ ਸੀ।