ਗੋਆ ਵਿੱਚ ਵੀ ਪੰਜਾਬ ਮਾਡਲ ਅਧੀਨ 10 ਲੱਖ ਰੁਪਏ ਦਾ ਸਿਹਤ ਬੀਮਾ ਲਾਗੂ ਕਰਨ ਦੀ ਮੰਗ, ਕੇਜਰੀਵਾਲ ਨੇ ਭਾਜਪਾ ਸਰਕਾਰ ਨੂੰ ਘੇਰਿਆ

ਗੋਆ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ Arvind Kejriwal ਨੇ ਗੋਆ ਦੀ ਸਿਹਤ ਪ੍ਰਣਾਲੀ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਹਰ ਪਰਿਵਾਰ ਨੂੰ ਪੰਜਾਬ ਦੀ ਤਰ੍ਹਾਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਗੋਆ ਦੇ ਜ਼ਿਆਦਾਤਰ ਲੋਕ ਸਰਕਾਰੀ ਸਿਹਤ ਸੇਵਾਵਾਂ 'ਤੇ ਨਿਰਭਰ ਹਨ, ਕਿਉਂਕਿ ਬਹੁਤ ਸਾਰੇ ਪਰਿਵਾਰ ਮਹਿੰਗੇ ਨਿੱਜੀ ਇਲਾਜ ਦਾ ਖਰਚਾ ਨਹੀਂ ਝੱਲ ਸਕਦੇ। ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀਆਂ ਦੇ ਇਲਾਜ ਸਮੇਂ ਆਮ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਗੋਆ ਵਿੱਚ ਚੱਲ ਰਹੀ ਦੀਨ ਦਿਆਲ ਸਿਹਤ ਸੇਵਾ ਯੋਜਨਾ (ਡੀਡੀਐਸਐਸਵਾਈ) ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਰਹੀ। ਕੇਜਰੀਵਾਲ ਦੇ ਅਨੁਸਾਰ, ਸੂਬੇ ਦਾ ਸਰਕਾਰੀ ਸੁਪਰ-ਸਪੈਸ਼ਲਿਟੀ ਹਸਪਤਾਲ ਮਰੀਜ਼ਾਂ ਦੀ ਭੀੜ ਨਾਲ ਜੂਝ ਰਿਹਾ ਹੈ, ਜਦਕਿ ਹੋਰ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਸਿਹਤ ਕਰਮਚਾਰੀਆਂ, ਦਵਾਈਆਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਹੈ।
ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਿਹਤ ਬੀਮਾ ਯੋਜਨਾ ਤਹਿਤ ਛੋਟੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ਵੱਡੇ ਪਰਿਵਾਰਾਂ ਨੂੰ 6 ਲੱਖ ਰੁਪਏ ਤੱਕ ਦਾ ਕਵਰ ਮਿਲਦਾ ਹੈ, ਜੋ ਮੌਜੂਦਾ ਸਮੇਂ ਵਿੱਚ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਕਾਫ਼ੀ ਨਹੀਂ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਵਾਂਗ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਲਾਗੂ ਹੋਣ ਨਾਲ ਗੋਆ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।
ਉਨ੍ਹਾਂ ਨੇ ਰਾਜ ਸਰਕਾਰ ਨੂੰ ਸਿਹਤ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਵੀ ਕੀਤੀ।