ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਹਿੰਦ ਵਿੱਚ ਰੇਲ ਰੋਕੋ ਅੰਦੋਲਨ, ਕੌਮੀ ਇਨਸਾਫ ਮੋਰਚੇ ਵੱਲੋਂ ਧਰਨਾ

ਸਰਹਿੰਦ- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਸ਼ਨੀਵਾਰ ਨੂੰ ਸਰਹਿੰਦ ਰੇਲਵੇ ਸਟੇਸ਼ਨ ਵਿਖੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਰੇਲਵੇ ਟਰੈਕਾਂ 'ਤੇ ਧਰਨਾ ਦੇ ਕੇ ਰੇਲ ਆਵਾਜਾਈ ਪ੍ਰਭਾਵਿਤ ਕੀਤੀ ਗਈ।
ਅੰਦੋਲਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਇਹ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਮੋਹਾਲੀ ਵਿੱਚ ਕੌਮੀ ਇਨਸਾਫ ਮੋਰਚਾ ਲੰਬੇ ਸਮੇਂ ਤੋਂ ਇਸ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ, ਪਰ ਅਜੇ ਤੱਕ ਸਰਕਾਰਾਂ ਵੱਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਰੇਲ ਰੋਕੋ ਅੰਦੋਲਨ ਦਾ ਉਦੇਸ਼ ਰਾਜ ਅਤੇ ਕੇਂਦਰ ਸਰਕਾਰ ਦਾ ਧਿਆਨ ਇਸ ਮੁੱਦੇ ਵੱਲ ਖਿੱਚਣਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਸਮੇਤ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰਹੇਗਾ।
ਰੇਲਵੇ ਟਰੈਕ ਜਾਮ ਹੋਣ ਕਾਰਨ ਕੁਝ ਸਮੇਂ ਲਈ ਰੇਲ ਸੇਵਾਵਾਂ ਪ੍ਰਭਾਵਿਤ ਰਹੀਆਂ, ਜਦਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਵਾਧੂ ਪ੍ਰਬੰਧ ਕੀਤੇ ਗਏ।