ਕੈਨੇਡਾ ਵਿੱਚ ਦੋਸਤ ਨੂੰ ਬਚਾਉਂਦਿਆਂ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਵਤਨ ਲਿਆਉਣ ਲਈ ਮੰਗੀ ਮਦਦ

ਤਪਾ ਮੰਡੀ (ਬਰਨਾਲਾ): ਕੈਨੇਡਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਨਾਲ ਸਬੰਧਤ 26 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੀ ਆਪਣੇ ਦੋਸਤ ਨੂੰ ਡੁੱਬਣ ਤੋਂ ਬਚਾਉਣ ਦੀ ਕੋਸ਼ਿਸ਼ ਦੌਰਾਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਇਹ ਹਾਦਸਾ Montreal ਦੀ Lachine Canal ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਦੇ ਦੋਸਤ ਦਾ ਅਚਾਨਕ ਪੈਰ ਫਿਸਲਣ ਕਾਰਨ ਉਹ ਨਹਿਰ ਵਿੱਚ ਡਿੱਗ ਗਿਆ। ਉਸ ਨੂੰ ਬਚਾਉਣ ਲਈ ਲਵਪ੍ਰੀਤ ਨੇ ਬਿਨਾਂ ਦੇਰ ਕੀਤੇ ਪਾਣੀ ਵਿੱਚ ਛਾਲ ਮਾਰ ਦਿੱਤੀ, ਪਰ ਤੇਜ਼ ਵਹਾਅ ਕਾਰਨ ਦੋਵੇਂ ਨੌਜਵਾਨ ਪਾਣੀ ਵਿੱਚ ਰੁੜ੍ਹ ਗਏ।

ਕੈਨੇਡੀਅਨ ਰਾਹਤ ਟੀਮਾਂ ਨੇ ਲੰਬੇ ਬਚਾਅ ਅਭਿਆਨ ਤੋਂ ਬਾਅਦ ਦੋਵਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਲਵਪ੍ਰੀਤ ਸਿੰਘ ਸਾਬਕਾ ਫੌਜੀ ਬਲਵੀਰ ਸਿੰਘ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਦੱਸਿਆ ਕਿ ਉਸ ਨੂੰ ਉੱਚ ਸਿੱਖਿਆ ਅਤੇ ਬਿਹਤਰ ਭਵਿੱਖ ਲਈ ਕਰੀਬ 29 ਲੱਖ ਰੁਪਏ ਖਰਚ ਕਰਕੇ ਕੈਨੇਡਾ ਭੇਜਿਆ ਗਿਆ ਸੀ।

ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕੂਟਨੀਤਕ ਅਤੇ ਪ੍ਰਸ਼ਾਸਨਿਕ ਮਦਦ ਮੁਹੱਈਆ ਕਰਵਾਈ ਜਾਵੇ।

ਇਸ ਘਟਨਾ ਨਾਲ ਤਪਾ ਮੰਡੀ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।