ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ SIR ਫਾਰਮ ਭਰਨ ਦੀ ਅਪੀਲ

ਚੰਡੀਗੜ੍ਹ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਮੁਹਿੰਮ ਤਹਿਤ SIR ਫਾਰਮ ਸਮੇਂ ਸਿਰ ਭਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਹਰ ਯੋਗ ਵੋਟਰ ਲਈ SIR ਫਾਰਮ ਭਰਨਾ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਲੈਣ ਤਾਂ ਜੋ ਉਨ੍ਹਾਂ ਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਰਹੇ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਯੋਗ ਵਿਅਕਤੀ SIR ਫਾਰਮ ਨਹੀਂ ਭਰਦਾ ਅਤੇ ਉਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੁੰਦਾ, ਤਾਂ ਉਸ ਨੂੰ ਸਰਕਾਰੀ ਯੋਜਨਾਵਾਂ ਅਤੇ ਹੋਰ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਮੇਂ ਸਿਰ ਫਾਰਮ ਭਰਨ ਲਈ ਪ੍ਰੇਰਿਤ ਕੀਤਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇ ਕਿਸੇ ਨੂੰ SIR ਫਾਰਮ ਭਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਆਪਣੇ ਖੇਤਰ ਦੇ ਬੂਥ ਲੈਵਲ ਅਫ਼ਸਰ (BLO) ਨਾਲ ਸੰਪਰਕ ਕਰਕੇ ਲੋੜੀਂਦੀ ਮਦਦ ਪ੍ਰਾਪਤ ਕਰ ਸਕਦਾ ਹੈ।
ਉਨ੍ਹਾਂ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਕਾਰਵਾਈ ਸਮੇਂ ਸਿਰ ਪੂਰੀ ਕਰਨ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।