17 ਜੁਲਾਈ ਨੂੰ ਪੰਜਾਬ ਦੌਰੇ 'ਤੇ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ: ਰਵਨੀਤ ਬਿੱਟੂ

ਜਲੰਧਰ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ। ਹਾਲਾਂਕਿ, ਉਨ੍ਹਾਂ ਨੇ ਦੌਰੇ ਦੇ ਵਿਸਥਾਰਤ ਪ੍ਰੋਗਰਾਮ ਜਾਂ ਸਮਾਗਮਾਂ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ।

ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਸੂਬੇ ਲਈ ਮਹੱਤਵਪੂਰਨ ਰਹੇਗਾ ਅਤੇ ਇਸ ਨਾਲ ਜੁੜੇ ਵੇਰਵੇ ਜਲਦ ਹੀ ਅਧਿਕਾਰਤ ਤੌਰ 'ਤੇ ਜਾਰੀ ਕੀਤੇ ਜਾਣਗੇ।

ਇਸ ਦੌਰਾਨ ਉਨ੍ਹਾਂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਵੀ ਆਪਣਾ ਪੱਖ ਰੱਖਿਆ। ਬਿੱਟੂ ਨੇ ਦੋਸ਼ ਲਗਾਇਆ ਕਿ ਫ਼ਿਲਮ ਦੇ ਨਿਰਮਾਤਾਵਾਂ ਨੇ ਪੰਜਾਬ ਦੇ ਸੰਵੇਦਨਸ਼ੀਲ ਇਤਿਹਾਸ ਨੂੰ ਇੱਕ ਪੱਖੀ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਕੇਂਦਰੀ ਮੰਤਰੀ ਨੇ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਤਰਜੀਹ ਦਿੱਤੀ ਜਾਵੇਗੀ।