ਅਮਰੀਕਾ ਵਿੱਚ ਐਚ-1ਬੀ ਵੀਜ਼ਾ ਪ੍ਰੋਗਰਾਮ 'ਤੇ ਸਖ਼ਤ ਨਿਗਰਾਨੀ, ਕਥਿਤ ਧੋਖਾਧੜੀ ਮਾਮਲਿਆਂ ਦੀ ਵਿਆਪਕ ਜਾਂਚ ਸ਼ੁਰੂ

ਵਾਸ਼ਿੰਗਟਨ,  : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਐਚ-1ਬੀ ਅਤੇ ਪੀਈਆਰਐਮ (PERM) ਰੁਜ਼ਗਾਰ ਵੀਜ਼ਾ ਪ੍ਰੋਗਰਾਮਾਂ ਨਾਲ ਜੁੜੇ ਕਥਿਤ ਧੋਖਾਧੜੀ ਦੇ ਮਾਮਲਿਆਂ ਦੀ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਹੈ। ਅਮਰੀਕੀ ਲੇਬਰ ਵਿਭਾਗ ਅਨੁਸਾਰ ਇਸ ਮੁਹਿੰਮ ਤਹਿਤ ਪਹਿਲਾਂ ਹੀ ਕਈ ਕੰਪਨੀਆਂ ਨੂੰ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜਾਂਚ ਦਾ ਦਾਇਰਾ ਲਗਾਤਾਰ ਵਧਾਇਆ ਜਾ ਰਿਹਾ ਹੈ।

ਅਧਿਕਾਰੀਆਂ ਦੇ ਮੁਤਾਬਕ ਇਹ ਕਾਰਵਾਈ ਵਿਦੇਸ਼ੀ ਕਰਮਚਾਰੀ ਭਰਤੀ ਪ੍ਰੋਗਰਾਮਾਂ ਦੀ ਦੁਰਵਰਤੋਂ, ਕਥਿਤ ਵੀਜ਼ਾ ਧੋਖਾਧੜੀ ਅਤੇ ਮਨੁੱਖੀ ਸਮਗਲਿੰਗ ਨਾਲ ਜੁੜੇ ਮਾਮਲਿਆਂ ਦੀ ਜਾਂਚ ਦਾ ਹਿੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪਿਛਲੇ ਕੁਝ ਸਾਲਾਂ ਵਿੱਚ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਜਾਂਚ ਮੁਹਿੰਮਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।

ਜਾਂਚ ਦੇ ਘੇਰੇ ਵਿੱਚ ਕਈ ਖੇਤਰਾਂ ਦੀਆਂ ਕੰਪਨੀਆਂ ਅਤੇ ਸੰਸਥਾਵਾਂ ਸ਼ਾਮਲ ਹਨ। ਰਿਪੋਰਟਾਂ ਮੁਤਾਬਕ ਕੁਝ ਪ੍ਰਮੁੱਖ ਆਈਟੀ ਕੰਪਨੀਆਂ ਦੇ ਨਾਮ ਵੀ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ Cognizant ਦਾ ਵੀ ਜ਼ਿਕਰ ਕੀਤਾ ਜਾ ਰਿਹਾ ਹੈ। ਹਾਲਾਂਕਿ ਜਾਂਚ ਜਾਰੀ ਹੋਣ ਕਾਰਨ ਅਜੇ ਤੱਕ ਕਿਸੇ ਕੰਪਨੀ ਖ਼ਿਲਾਫ਼ ਅੰਤਿਮ ਨਤੀਜੇ ਸਾਹਮਣੇ ਨਹੀਂ ਆਏ ਹਨ।

ਲੇਬਰ ਵਿਭਾਗ ਨੇ ਦੱਸਿਆ ਕਿ ਜਾਂਚ ਦੌਰਾਨ ਫੈਕਟਰੀਆਂ, ਬੰਦਰਗਾਹਾਂ, ਹਸਪਤਾਲਾਂ, ਨਰਸਿੰਗ ਸੈਂਟਰਾਂ ਅਤੇ ਹੋਰ ਰੁਜ਼ਗਾਰ ਖੇਤਰਾਂ ਨਾਲ ਸੰਬੰਧਿਤ ਮਾਮਲਿਆਂ ਦੀ ਵੀ ਪੜਤਾਲ ਕੀਤੀ ਜਾਵੇਗੀ। ਅਧਿਕਾਰੀਆਂ ਦਾ ਮੰਨਣਾ ਹੈ ਕਿ ਕੁਝ ਮਾਮਲਿਆਂ ਵਿੱਚ ਵਿਦੇਸ਼ੀ ਕਰਮਚਾਰੀ ਪ੍ਰੋਗਰਾਮਾਂ ਦੀ ਦੁਰਵਰਤੋਂ ਵੱਡੇ ਅਪਰਾਧਕ ਨੈੱਟਵਰਕਾਂ ਨਾਲ ਵੀ ਜੁੜੀ ਹੋ ਸਕਦੀ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਜਾਂ ਸੰਸਥਾ ਵੱਲੋਂ ਕਾਨੂੰਨ ਦੀ ਉਲੰਘਣਾ ਸਾਬਤ ਹੁੰਦੀ ਹੈ ਤਾਂ ਸੰਬੰਧਿਤ ਧਿਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਐਚ-1ਬੀ ਵੀਜ਼ਾ ਪ੍ਰੋਗਰਾਮ ਦੇ ਸਭ ਤੋਂ ਵੱਡੇ ਲਾਭਪਾਤਰੀਆਂ ਵਿੱਚ ਭਾਰਤੀ ਪੇਸ਼ੇਵਰ ਸ਼ਾਮਲ ਰਹੇ ਹਨ। ਇਸ ਲਈ ਅਮਰੀਕਾ ਵਿੱਚ ਚੱਲ ਰਹੀ ਇਸ ਜਾਂਚ ਨੂੰ ਭਾਰਤੀ ਭਾਈਚਾਰੇ ਅਤੇ ਵਿਦੇਸ਼ੀ ਕਰਮਚਾਰੀਆਂ ਵੱਲੋਂ ਵੀ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ।