ਸਤਲੁਜ’ ਫ਼ਿਲਮ ਹਟਾਉਣ ਦੇ ਮਾਮਲੇ 'ਤੇ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ, ਟਰੁੱਥ ਕਮਿਸ਼ਨ ਬਣਾਉਣ ਦੀ ਕੀਤੀ ਮੰਗ

ਚੰਡੀਗੜ੍ਹ,  : ਓਟੀਟੀ ਪਲੇਟਫਾਰਮ ਤੋਂ ਫ਼ਿਲਮ &lsquoਸਤਲੁਜ&rsquo ਹਟਾਏ ਜਾਣ ਦੇ ਮਾਮਲੇ 'ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਫ਼ਿਲਮਾਂ 'ਤੇ ਪਾਬੰਦੀ ਲਗਾਉਣ ਦੀ ਬਜਾਏ ਇਤਿਹਾਸਕ ਤੱਥ ਲੋਕਾਂ ਸਾਹਮਣੇ ਆਉਣੇ ਚਾਹੀਦੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਮਾਜ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਬੀਤੇ ਸਮੇਂ ਦੀਆਂ ਘਟਨਾਵਾਂ ਅਤੇ ਕੌਮ ਨਾਲ ਜੁੜੇ ਇਤਿਹਾਸ ਬਾਰੇ ਜਾਣਕਾਰੀ ਮਿਲਣੀ ਚਾਹੀਦੀ ਹੈ। ਉਨ੍ਹਾਂ ਦੇ ਅਨੁਸਾਰ ਇਤਿਹਾਸ ਨੂੰ ਲੁਕਾਉਣ ਦੀ ਬਜਾਏ ਉਸ ਨੂੰ ਨਿਰਪੱਖ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਬਿਆਨ ਵਿੱਚ ਕਾਂਗਰਸ ਸਰਕਾਰਾਂ ਨੂੰ ਉਸ ਦੌਰ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਕਰਾਰ ਦਿੱਤਾ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰੁੱਥ ਕਮਿਸ਼ਨ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਸ ਸਮੇਂ ਦੇ ਕੁਝ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ &lsquoਸਤਲੁਜ&rsquo ਫ਼ਿਲਮ ਨੂੰ ਮੁੜ ਰਿਲੀਜ਼ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਇੱਕ ਸੁਤੰਤਰ ਟਰੁੱਥ ਕਮਿਸ਼ਨ ਬਣਾਇਆ ਜਾਵੇ, ਜੋ ਉਸ ਦੌਰ ਦੀਆਂ ਘਟਨਾਵਾਂ ਅਤੇ ਦੋਸ਼ਾਂ ਦੀ ਨਿਰਪੱਖ ਜਾਂਚ ਕਰ ਸਕੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਿੱਖ ਭਾਈਚਾਰੇ ਨਾਲ ਜੁੜੇ ਮਾਮਲਿਆਂ ਵਿੱਚ ਨਿਆਂ ਅਤੇ ਭਰੋਸਾ ਕਾਇਮ ਕਰਨਾ ਹੈ ਤਾਂ ਅਤੀਤ ਨਾਲ ਸੰਬੰਧਿਤ ਸਾਰੇ ਦੋਸ਼ਾਂ ਦੀ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।