ਬੈਂਕਾਕ ਦੇ ਮਨੋਰੰਜਨ ਕੇਂਦਰ ਵਿੱਚ ਭਿਆਨਕ ਅੱਗ, 27 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

ਬੈਂਕਾਕ &ndash ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਸੋਮਵਾਰ ਤੜਕੇ ਇੱਕ ਮਨੋਰੰਜਨ ਕੇਂਦਰ ਵਿੱਚ ਲੱਗੀ ਭਿਆਨਕ ਅੱਗ ਕਾਰਨ 27 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਅਧਿਕਾਰੀਆਂ ਮੁਤਾਬਕ ਅੱਗ ਅੱਧੀ ਰਾਤ ਦੇ ਕਰੀਬ ਲੱਗੀ, ਜਿਸ ਤੋਂ ਬਾਅਦ ਅੱਗ ਬੁਝਾਊ ਦਸਤਿਆਂ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਵੀਡੀਓਜ਼ ਵਿੱਚ ਮਨੋਰੰਜਨ ਕੇਂਦਰ ਦੇ ਮੁੱਖ ਦਰਵਾਜ਼ੇ ਵਿੱਚੋਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਨਿਕਲਦਾ ਦਿਖਾਈ ਦਿੱਤਾ, ਜਦਕਿ ਅੰਦਰ ਮੌਜੂਦ ਲੋਕ ਆਪਣੀ ਜਾਨ ਬਚਾਉਣ ਲਈ ਬਾਹਰ ਵੱਲ ਭੱਜਦੇ ਨਜ਼ਰ ਆਏ।
ਥਾਈਲੈਂਡ ਦੇ ਪ੍ਰਧਾਨ ਮੰਤਰੀ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ 27 ਮੌਤਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਲਈ ਸੰਬੰਧਿਤ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਪੁਲਿਸ ਅਤੇ ਅੱਗ ਬੁਝਾਊ ਵਿਭਾਗ ਦੀਆਂ ਟੀਮਾਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ।