'ਸਤਲੁਜ' ਫ਼ਿਲਮ ਨੂੰ ਸਿਆਸੀ ਵਿਵਾਦ ਤੋਂ ਦੂਰ ਰੱਖਿਆ ਜਾਵੇ, ਹਿੰਦੂ-ਸਿੱਖ ਏਕਤਾ ਮਜ਼ਬੂਤ ਕਰਨਾ ਸਮੇਂ ਦੀ ਲੋੜ: ਇਕਬਾਲ ਸਿੰਘ ਲਾਲਪੁਰਾ

ਨਵੀਂ ਦਿੱਲੀ &ndash ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਦਿਲਜੀਤ ਦੋਸਾਂਝ ਦੀ ਅਦਾਕਾਰੀ ਵਾਲੀ ਫ਼ਿਲਮ 'ਸਤਲੁਜ' ਨੂੰ ਸਿਆਸੀ ਵਿਵਾਦ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੁਰਾਣੇ ਜ਼ਖ਼ਮਾਂ 'ਤੇ ਮਲ੍ਹਮ ਲਗਾਉਣ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਨਾ ਕਿ ਇਸ ਮਾਮਲੇ 'ਤੇ ਸਿਆਸਤ ਕਰਨ ਦੀ।

ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਿਆਸੀ ਆਗੂਆਂ ਨੂੰ ਹਿੰਦੂ-ਸਿੱਖ ਏਕਤਾ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਅਤਿਵਾਦ ਦੇ ਦੌਰਾਨ ਜੋ ਦੁਖਦਾਈ ਘਟਨਾਵਾਂ ਵਾਪਰੀਆਂ, ਉਹ ਉਸ ਸਮੇਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਅਤੇ ਨਾਕਾਮੀਆਂ ਦਾ ਨਤੀਜਾ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਇਤਿਹਾਸ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਨੂੰ ਸਿਆਸੀ ਲਾਭ ਲਈ ਵਰਤਣ ਦੀ ਬਜਾਏ ਲੋਕਾਂ ਵਿੱਚ ਭਰੋਸਾ ਅਤੇ ਏਕਤਾ ਦਾ ਮਾਹੌਲ ਬਣਾਇਆ ਜਾਣਾ ਚਾਹੀਦਾ ਹੈ।

ਲਾਲਪੁਰਾ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਫ਼ਿਲਮ 'ਸਤਲੁਜ' ਨੂੰ ਲੈ ਕੇ ਵੱਖ-ਵੱਖ ਸਿਆਸੀ ਆਗੂਆਂ ਅਤੇ ਜਥੇਬੰਦੀਆਂ ਵੱਲੋਂ ਵੱਖੋ-ਵੱਖਰੇ ਵਿਚਾਰ ਪ੍ਰਗਟ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੱਗੇ ਵਧਾਉਣ ਲਈ ਆਪਸੀ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।