ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਲਈ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦਾ 1 ਕਰੋੜ ਰੁਪਏ ਦੇਣ ਦਾ ਐਲਾਨ

ਬਠਿੰਡਾ &ndash ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸਮਾਰਕ ਬਣਾਉਣ ਲਈ ਆਪਣੇ ਸੰਸਦੀ ਖੇਤਰ ਵਿਕਾਸ ਫੰਡ ਵਿੱਚੋਂ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਫ਼ਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੀ ਚਰਚਾ ਦੇ ਦਰਮਿਆਨ ਕੀਤੇ ਇਸ ਐਲਾਨ ਵਿੱਚ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਹਰੀਕੇ ਪੱਤਣ ਨੇੜੇ ਸਤਲੁਜ ਦਰਿਆ ਦੇ ਕੰਢੇ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਇਹ ਰਕਮ ਜਾਰੀ ਕਰਨਗੇ।
ਸੰਸਦ ਮੈਂਬਰ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ਰਾਹੀਂ ਇਹ ਵੀ ਸਪੱਸ਼ਟ ਕੀਤਾ ਕਿ ਸੰਸਦੀ ਖੇਤਰ ਵਿਕਾਸ ਫੰਡ ਦੀ ਰਕਮ ਨਿੱਜੀ ਮਲਕੀਅਤ ਵਾਲੀ ਜ਼ਮੀਨ 'ਤੇ ਖਰਚ ਨਹੀਂ ਕੀਤੀ ਜਾ ਸਕਦੀ। ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਯਾਦਗਾਰ ਦੀ ਉਸਾਰੀ ਲਈ ਹਰੀਕੇ ਪੱਤਣ ਵਿਖੇ ਸਰਕਾਰੀ ਜ਼ਮੀਨ ਜਲਦੀ ਤੋਂ ਜਲਦੀ ਅਲਾਟ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਮੀਨ ਅਲਾਟ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਫੰਡ ਦੀ ਵਰਤੋਂ ਕਰਕੇ ਯਾਦਗਾਰ ਦਾ ਨਿਰਮਾਣ ਕੀਤਾ ਜਾ ਸਕੇਗਾ। ਇਸ ਐਲਾਨ ਤੋਂ ਬਾਅਦ ਖਾਲੜਾ ਦੀ ਯਾਦ ਵਿੱਚ ਸਮਾਰਕ ਬਣਾਉਣ ਦੇ ਮੁੱਦੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ 'ਤੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ।