ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਰੱਖੀਆਂ ਤਿੰਨ ਮੰਗਾਂ, ਲੋਕ ਕਮਿਸ਼ਨ ਬਣਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, &ndash ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦਿਆਂ 1980 ਅਤੇ 1990 ਦੇ ਦਹਾਕੇ ਦੌਰਾਨ ਲਾਪਤਾ ਹੋਏ ਲੋਕਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਨਾਲ ਜੁੜੇ ਮਾਮਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਇੱਕ ਸੁਤੰਤਰ ਲੋਕ ਕਮਿਸ਼ਨ ਦੇ ਗਠਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਵੱਲੋਂ ਸੱਦੇ ਗਏ ਅਰਦਾਸ ਸਮਾਗਮ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਤਿਆਰੀ ਕਰ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਵਿੱਚ ਵਿਸ਼ਵਾਸ ਰੱਖਣ ਵਾਲੇ ਸਾਰੇ ਲੋਕ ਸੱਚ ਅਤੇ ਜਵਾਬਦੇਹੀ ਦੀ ਇਸ ਮੰਗ ਦਾ ਸਮਰਥਨ ਕਰਨ।
ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਮੀਦ ਹੈ ਕਿ ਉਹ ਨਿਰਪੱਖਤਾ ਅਤੇ ਨਿਡਰਤਾ ਨਾਲ ਇਸ ਮਾਮਲੇ ਵਿੱਚ ਅਗਵਾਈ ਕਰੇਗਾ। ਉਨ੍ਹਾਂ ਮੰਗ ਕੀਤੀ ਕਿ ਉਸ ਦੌਰ ਦੌਰਾਨ ਲਾਪਤਾ ਹੋਏ ਵਿਅਕਤੀਆਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਲੋਕ ਕਮਿਸ਼ਨ ਬਣਾਇਆ ਜਾਵੇ।ਉਨ੍ਹਾਂ ਆਪਣੀਆਂ ਹੋਰ ਮੰਗਾਂ ਵਿੱਚ ਕਿਹਾ ਕਿ ਜਿਨ੍ਹਾਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਕਰਨ ਲਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ, ਉਨ੍ਹਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਯੋਗ ਸਥਾਨ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇ।
ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਇਹ ਮੁੱਦੇ ਇਨਸਾਫ਼, ਸੱਚਾਈ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਹੱਕਾਂ ਨਾਲ ਜੁੜੇ ਹਨ ਅਤੇ ਇਨ੍ਹਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।