ਫਰਜ਼ੀ ਮੁਕਾਬਲਿਆਂ ਦੇ ਪੀੜਤਾਂ ਦੀ ਯਾਦ ਵਿੱਚ ਅਰਦਾਸ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸ਼ਮਸ਼ਾਨ ਘਾਟ, ਅੰਮ੍ਰਿਤਸਰ ਵਿਚ ਭਾਈ ਜਸਵੰਤ ਸਿੰਘ ਖਾਲੜਾ ਅਤੇ ਕਥਿਤ ਫ਼ਰਜ਼ੀ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਨੇ ਅੰਮ੍ਰਿਤਸਰ, ਤਰਨ ਤਾਰਨ ਤੇ ਪੱਟੀ ਦੇ ਸ਼ਮਸ਼ਾਨ ਘਾਟਾਂ ਵਿੱਚੋਂ ਹੀ ਕਥਿਤ ਫਰਜ਼ੀ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸਾੜੇ ਜਾਣ ਦਾ ਭੇਤ ਖੋਲਿ੍ਹਆ ਸੀ। ਮਾਨ ਦਲ ਵੱਲੋਂ ਇਹ ਅਰਦਾਸ ਸਮਾਗਮ ਪਾਰਟੀ ਦੇ ਵਰਕਿੰਗ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਹੋਇਆ ਜਿਸ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਜਸਵੰਤ ਸਿੰਘ ਖਾਲੜਾ ਵੱਲੋਂ ਇਕੱਠੇ ਕੀਤੇ ਗਏ ਅਣਪਛਾਤੀਆ ਲਾਸ਼ਾਂ ਦੇ ਰਿਕਾਰਡ ਦੀਆਂ ਕਾਪੀਆਂ ਮੀਡੀਆ ਸਾਹਮਣੇ ਪੇਸ਼ ਕੀਤੀਆਂ ਗਈਆਂ।