ਪੰਜ ਪੰਥਕ ਜਥੇਬੰਦੀਆਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਂ ਭੇਜਣਗੀਆਂ ਮੰਗ ਪੱਤਰ, ਤਿੰਨ ਅਹਿਮ ਮਸਲੇ ਚੁੱਕੇ ਜਾਣਗੇ

ਚੰਡੀਗੜ੍ਹ &ndash ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ 14 ਜੁਲਾਈ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ਪੰਜ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਮੰਗ ਪੱਤਰ ਸੌਂਪੇ ਜਾਣਗੇ।
ਉਨ੍ਹਾਂ ਦੱਸਿਆ ਕਿ ਮੰਗ ਪੱਤਰ ਵਿੱਚ ਤਿੰਨ ਪ੍ਰਮੁੱਖ ਪੰਥਕ ਮਸਲੇ ਸ਼ਾਮਲ ਕੀਤੇ ਗਏ ਹਨ। ਪਹਿਲੀ ਮੰਗ ਵਿੱਚ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ 'ਤੇ ਆਧਾਰਿਤ ਫ਼ਿਲਮ 'ਪੰਜਾਬ 95' ਨੂੰ ਬਿਨਾਂ ਕਿਸੇ ਸੈਂਸਰ ਕਟੌਤੀ ਦੇ ਉਸੇ ਨਾਮ ਹੇਠ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦੀ ਮੰਗ ਕੀਤੀ ਗਈ ਹੈ।
ਦੂਜੀ ਮੰਗ ਵਿੱਚ ਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਵਿੱਚ ਸਜ਼ਾਯਾਫ਼ਤਾ ਸਾਬਕਾ ਪੁਲਿਸ ਅਧਿਕਾਰੀ ਅਤੇ ਹੋਰ ਦੋਸ਼ੀਆਂ ਨੂੰ ਲੱਭ ਕੇ ਮੁੜ ਕਾਨੂੰਨ ਦੇ ਘੇਰੇ ਵਿੱਚ ਲਿਆਉਣ, ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਸਜ਼ਾ ਵਿੱਚ ਰਾਹਤ ਦੀ ਕੋਈ ਸਿਫ਼ਾਰਸ਼ ਕੀਤੀ ਗਈ ਹੋਵੇ ਤਾਂ ਉਸ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।
ਤੀਜੀ ਮੰਗ ਅਧੀਨ 1982 ਦੇ ਧਰਮ ਯੁੱਧ ਮੋਰਚੇ ਤੋਂ ਲੈ ਕੇ 1995 ਵਿੱਚ ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਵਾਪਰੀਆਂ ਘਟਨਾਵਾਂ ਦੀ ਪੜਤਾਲ ਲਈ ਇੱਕ ਸੁਤੰਤਰ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਗਈ ਹੈ, ਜੋ ਤੱਥਾਂ ਦੇ ਆਧਾਰ 'ਤੇ ਆਪਣੀ ਰਿਪੋਰਟ ਲੋਕਾਂ ਸਾਹਮਣੇ ਪੇਸ਼ ਕਰੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਇਹ ਤਿੰਨੇ ਮੁੱਦੇ ਬੇਹੱਦ ਅਹਿਮ ਹਨ ਅਤੇ ਇਤਿਹਾਸਕ ਘਟਨਾਵਾਂ ਨਾਲ ਜੁੜੇ ਸਵਾਲਾਂ ਦੇ ਨਿਰਪੱਖ ਜਵਾਬ ਸਾਹਮਣੇ ਆਉਣ ਨਾਲ ਸਮਾਜ ਵਿੱਚ ਭਰੋਸਾ ਅਤੇ ਮੇਲ-ਮਿਲਾਪ ਦੀ ਭਾਵਨਾ ਮਜ਼ਬੂਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਤੋਂ ਇਲਾਵਾ ਯੂਨਾਈਟਿਡ ਅਕਾਲੀ ਦਲ, ਇੰਟਰਨੈਸ਼ਨਲ ਪੰਥਕ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਵੀ ਸ਼ਾਮਲ ਹਨ।