'ਸਤਲੁਜ' ਫ਼ਿਲਮ ਨੂੰ ਲੈ ਕੇ ਰਵਨੀਤ ਬਿੱਟੂ ਦਾ ਤਿੱਖਾ ਬਿਆਨ, ਦਿਲਜੀਤ ਦੋਸਾਂਝ 'ਤੇ ਵੀ ਚੁੱਕੇ ਸਵਾਲ

ਨਵੀਂ ਦਿੱਲੀ&ndash ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਲੈ ਕੇ ਇੱਕ ਵਾਰ ਫਿਰ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਵਿੱਚ ਕੁਝ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਅਤੇ ਇਸ ਕਾਰਨ ਉਨ੍ਹਾਂ ਦੀ ਅਦਾਕਾਰ ਦਿਲਜੀਤ ਦੋਸਾਂਝ ਪ੍ਰਤੀ ਪਹਿਲਾਂ ਵਾਲੀ ਧਾਰਣਾ ਵੀ ਬਦਲ ਗਈ ਹੈ।
ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਫ਼ਿਲਮ ਬਣਾਏ ਜਾਣ 'ਤੇ ਕੋਈ ਇਤਰਾਜ਼ ਨਹੀਂ, ਪਰ ਫ਼ਿਲਮ ਵਿੱਚ ਦਰਸਾਏ ਗਏ ਇਤਿਹਾਸਕ ਦਾਅਵੇ ਤੱਥਾਂ ਦੇ ਆਧਾਰ 'ਤੇ ਹੋਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਫ਼ਿਲਮ ਵਿੱਚ ਕੁਝ ਘਟਨਾਵਾਂ ਅਤੇ ਪਾਤਰਾਂ ਦੀ ਪੇਸ਼ਕਾਰੀ ਹਕੀਕਤ ਨਾਲ ਮੇਲ ਨਹੀਂ ਖਾਂਦੀ।
ਬਿੱਟੂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਉਸ ਦੌਰ ਦੇ ਇਤਿਹਾਸ ਨੂੰ ਇੱਕ ਪੱਖੀ ਢੰਗ ਨਾਲ ਨਹੀਂ ਦਿਖਾਇਆ ਜਾਣਾ ਚਾਹੀਦਾ। ਉਨ੍ਹਾਂ ਦੇ ਅਨੁਸਾਰ ਉਸ ਸਮੇਂ ਦੌਰਾਨ ਪੁਲਿਸ ਕਰਮਚਾਰੀਆਂ, ਆਮ ਨਾਗਰਿਕਾਂ ਅਤੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਵੀ ਜਾਨਾਂ ਗਵਾਈਆਂ ਸਨ, ਜਿਨ੍ਹਾਂ ਦੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਵੀ ਬਰਾਬਰ ਮਹੱਤਵ ਮਿਲਣਾ ਚਾਹੀਦਾ ਹੈ।
ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਉਸ ਦੌਰ ਦੇ ਸਾਰੇ ਪੀੜਤਾਂ ਨੂੰ ਸਮਾਨ ਤੌਰ 'ਤੇ ਯਾਦ ਕੀਤਾ ਜਾਵੇ ਅਤੇ ਕਿਸੇ ਇੱਕ ਵਰਗ ਤੱਕ ਹੀ ਗੱਲ ਸੀਮਤ ਨਾ ਰਹੇ।
ਇਸ ਤੋਂ ਪਹਿਲਾਂ ਵੀ ਬਿੱਟੂ ਫ਼ਿਲਮ ਵਿੱਚ ਦਰਸਾਏ ਗਏ 25 ਹਜ਼ਾਰ ਅਣਪਛਾਤੀਆਂ ਲਾਸ਼ਾਂ ਦੇ ਦਾਅਵੇ ਸਬੰਧੀ ਦਸਤਾਵੇਜ਼ੀ ਸਬੂਤ ਮੰਗ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਜੇਕਰ ਅਜਿਹੇ ਦਾਅਵਿਆਂ ਦੀ ਪੁਸ਼ਟੀ ਨਹੀਂ ਹੁੰਦੀ ਤਾਂ ਕਾਨੂੰਨੀ ਕਾਰਵਾਈ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਉਧਰ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਮਾਮਲੇ 'ਤੇ ਪਹਿਲਾਂ ਵੱਖਰਾ ਰੁਖ਼ ਅਪਣਾਉਂਦਿਆਂ ਕਿਹਾ ਸੀ ਕਿ ਫ਼ਿਲਮ ਸਬੰਧੀ ਉਠੇ ਇਤਰਾਜ਼ਾਂ ਦੀ ਸਮੀਖਿਆ ਲਈ ਇੱਕ ਕਮੇਟੀ ਬਣਾਈ ਗਈ ਹੈ ਅਤੇ ਜੇਕਰ ਤੱਥਾਂ ਦੇ ਆਧਾਰ 'ਤੇ ਇਤਿਹਾਸ ਪੇਸ਼ ਕੀਤਾ ਗਿਆ ਹੈ ਤਾਂ ਉਸ ਨੂੰ ਦਿਖਾਉਣ ਵਿੱਚ ਕੋਈ ਹਰਜ ਨਹੀਂ ਹੈ।