ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।

ਪੱਤਰ ਵਿੱਚ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਮਹੱਤਵਪੂਰਨ ਸਮਾਂ ਬਿਤਾਇਆ ਅਤੇ ਮਨੁੱਖਤਾ ਨੂੰ ਕਿਰਤ ਕਰਨਾ, ਨਾਮ ਜਪਣਾ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਸਥਾਨ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਡੂੰਘੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਧਾਮੀ ਨੇ ਯਾਦ ਦਿਵਾਇਆ ਕਿ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਲੱਖਾਂ ਸ਼ਰਧਾਲੂਆਂ ਨੂੰ ਦਰਸ਼ਨਾਂ ਦਾ ਮੌਕਾ ਮਿਲਿਆ ਸੀ। ਹਾਲੀਆ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੁਕਣ ਨਾਲ ਸਿੱਖ ਭਾਈਚਾਰੇ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਤੋਂ ਪਹਿਲਾਂ ਵੀ ਵੱਖ-ਵੱਖ ਮੌਕਿਆਂ 'ਤੇ ਲਾਂਘਾ ਮੁੜ ਖੋਲ੍ਹਣ ਦੀ ਮੰਗ ਕਰਦੀ ਰਹੀ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਦੇ ਵੱਖ-ਵੱਖ ਅਧਿਕਾਰੀਆਂ ਨੂੰ ਵੀ ਮੰਗ ਪੱਤਰ ਭੇਜੇ ਜਾ ਚੁੱਕੇ ਹਨ।

ਪ੍ਰਧਾਨ ਮੰਤਰੀ ਨੂੰ ਭੇਜੀ ਅਪੀਲ ਵਿੱਚ ਕਿਹਾ ਗਿਆ ਹੈ ਕਿ ਕਰਤਾਰਪੁਰ ਲਾਂਘੇ ਦੀ ਮੁੜ ਸ਼ੁਰੂਆਤ ਸਿਰਫ਼ ਯਾਤਰਾ ਦੀ ਸਹੂਲਤ ਨਹੀਂ, ਸਗੋਂ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮੁੱਦਾ ਹੈ। ਇਸ ਲਈ ਕੇਂਦਰ ਸਰਕਾਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲਾਂਘੇ ਨੂੰ ਦੁਬਾਰਾ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਇਸ ਮੰਗ 'ਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਸ਼ਰਧਾਲੂ ਇੱਕ ਵਾਰ ਫਿਰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕ ਸਕਣ।