ਸ਼ਸ਼ੀ ਥਰੂਰ ਨੇ ਸੋਨਮ ਵਾਂਗਚੁੱਕ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ, ਕੇਂਦਰ ਨੂੰ ਗੱਲਬਾਤ ਦੀ ਦਿੱਤੀ ਸਲਾਹ

ਨਵੀਂ ਦਿੱਲੀ,  : ਕਾਂਗਰਸ ਦੇ ਸੀਨੀਅਰ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੂੰ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕਰਦਿਆਂ ਕੇਂਦਰ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਦੀ ਸਲਾਹ ਦਿੱਤੀ ਹੈ।

ਥਰੂਰ ਨੇ ਸੋਸ਼ਲ ਮੀਡੀਆ 'ਤੇ ਜਾਰੀ ਆਪਣੇ ਖੁੱਲ੍ਹੇ ਪੱਤਰ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਸੰਵਾਦ ਹੀ ਹਰ ਸਮੱਸਿਆ ਦਾ ਸਭ ਤੋਂ ਵਧੀਆ ਹੱਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨਾ ਕਮਜ਼ੋਰੀ ਨਹੀਂ, ਸਗੋਂ ਇੱਕ ਜ਼ਿੰਮੇਵਾਰ ਅਤੇ ਸਿਆਣੀ ਲੋਕਤੰਤਰੀ ਪਹੁੰਚ ਹੈ।

ਉਨ੍ਹਾਂ ਨੇ ਸੋਨਮ ਵਾਂਗਚੁੱਕ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਭੁੱਖ ਹੜਤਾਲ ਖ਼ਤਮ ਕਰਨ, ਕਿਉਂਕਿ ਉਨ੍ਹਾਂ ਵੱਲੋਂ ਉਠਾਏ ਜਾ ਰਹੇ ਮੁੱਦਿਆਂ ਨੂੰ ਸੰਸਦ ਵਿੱਚ ਵੀ ਉਠਾਇਆ ਜਾ ਸਕਦਾ ਹੈ। ਥਰੂਰ ਨੇ ਕਿਹਾ ਕਿ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਨਾਲ ਇਹ ਮਾਮਲਾ ਲੋਕਤੰਤਰ ਦੇ ਸਭ ਤੋਂ ਵੱਡੇ ਮੰਚ 'ਤੇ ਚਰਚਾ ਲਈ ਲਿਆਂਦਾ ਜਾ ਸਕਦਾ ਹੈ।

ਰਿਪੋਰਟਾਂ ਅਨੁਸਾਰ ਸੋਨਮ ਵਾਂਗਚੁੱਕ ਪਿਛਲੇ 17 ਦਿਨਾਂ ਤੋਂ ਜੰਤਰ-ਮੰਤਰ ਵਿਖੇ ਭੁੱਖ ਹੜਤਾਲ 'ਤੇ ਹਨ ਅਤੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਲਗਾਤਾਰ ਸਿਹਤ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਵਰਗਾਂ ਵੱਲੋਂ ਵੀ ਸਰਕਾਰ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਸੰਵਾਦ ਰਾਹੀਂ ਹੱਲ ਕੱਢਣ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।