ਪੰਜਾਬ ਵਿੱਚ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਹੋਈ ਹੋਰ ਆਸਾਨ, ਹਰ ਜ਼ਿਲ੍ਹੇ ਵਿੱਚ ਸਪੈਸ਼ਲ ਅਡਾਪਸ਼ਨ ਏਜੰਸੀਆਂ ਸਥਾਪਤ

ਚੰਡੀਗੜ੍ਹ,  : ਪੰਜਾਬ ਸਰਕਾਰ ਨੇ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਲੋਕਾਂ ਲਈ ਸੁਗਮ ਬਣਾਉਣ ਵੱਲ ਅਹਿਮ ਕਦਮ ਚੁੱਕਿਆ ਹੈ। ਹੁਣ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਪੈਸ਼ਲ ਅਡਾਪਸ਼ਨ ਏਜੰਸੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿਸ ਨਾਲ ਗੋਦ ਲੈਣ ਦੇ ਚਾਹਵਾਨ ਜੋੜਿਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2024 ਤੋਂ ਹੁਣ ਤੱਕ 87 ਬੱਚਿਆਂ ਨੂੰ ਨਵੇਂ ਪਰਿਵਾਰ ਮਿਲੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਾਂ ਵੱਲੋਂ ਵੀ 21 ਬੱਚਿਆਂ ਨੂੰ ਗੋਦ ਲਿਆ ਗਿਆ ਹੈ।

ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪਹਿਲਾਂ ਪੰਜਾਬ ਵਿੱਚ ਕੇਵਲ 10 ਅਡਾਪਸ਼ਨ ਏਜੰਸੀਆਂ ਕਾਰਜਸ਼ੀਲ ਸਨ, ਜਿਸ ਕਾਰਨ ਕਈ ਵਾਰ ਪ੍ਰਕਿਰਿਆ ਵਿੱਚ ਦੇਰੀ ਆਉਂਦੀ ਸੀ। ਹੁਣ ਸਰਕਾਰ ਵੱਲੋਂ 16 ਨਵੀਆਂ ਸਪੈਸ਼ਲ ਅਡਾਪਸ਼ਨ ਏਜੰਸੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਨਾਲ ਜ਼ਿਲ੍ਹਾ ਪੱਧਰ 'ਤੇ ਸੇਵਾਵਾਂ ਦੀ ਪਹੁੰਚ ਵਧੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਗੋਦ ਲੈਣ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰ ਮਿਲ ਸਕੇ।

ਸਰਕਾਰ ਨੂੰ ਉਮੀਦ ਹੈ ਕਿ ਨਵੀਆਂ ਵਿਵਸਥਾਵਾਂ ਨਾਲ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਲੋੜਵੰਦ ਬੱਚਿਆਂ ਨੂੰ ਜਲਦੀ ਪਰਿਵਾਰਕ ਮਾਹੌਲ ਉਪਲਬਧ ਹੋ ਸਕੇਗਾ।