ਮਾਨਸਾ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਮਾਨਸਾ,  : ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਸਥਿਤ ਇੱਕ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਪਾਵਨ ਸਰੂਪ ਦੇ ਕੁਝ ਅੰਗਾਂ 'ਤੇ ਇਤਰਾਜ਼ਯੋਗ ਸ਼ਬਦ ਲਿਖੇ ਹੋਏ ਮਿਲਣ ਤੋਂ ਬਾਅਦ ਇਲਾਕੇ ਦੀ ਸੰਗਤ ਵਿੱਚ ਗਹਿਰਾ ਰੋਸ ਪਾਇਆ ਗਿਆ।

ਗੁਰਦੁਆਰੇ ਦੇ ਗ੍ਰੰਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਭਗ ਦੋ ਮਹੀਨੇ ਪਹਿਲਾਂ ਇੱਥੇ ਸੇਵਾ ਲਈ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੇ ਅਨੁਸਾਰ, ਉਸ ਸਮੇਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਬੇਅਦਬੀ ਦੀ ਇਹ ਘਟਨਾ ਪਹਿਲਾਂ ਵਾਪਰ ਚੁੱਕੀ ਹੈ ਅਤੇ ਇਸ ਸਬੰਧੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਵੀ ਭੇਜੀ ਗਈ ਸੀ।

ਗ੍ਰੰਥੀ ਨੇ ਦੱਸਿਆ ਕਿ ਪਾਵਨ ਸਰੂਪ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਕੁਝ ਅੰਗਾਂ 'ਤੇ ਇਤਰਾਜ਼ਯੋਗ ਲਿਖਤ ਨਜ਼ਰ ਆਈ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਸੰਗਤ ਨੂੰ ਇਸ ਦੀ ਜਾਣਕਾਰੀ ਦਿੱਤੀ।

ਘਟਨਾ ਦੀ ਸੂਚਨਾ ਮਿਲਣ ਮਗਰੋਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਸਰਪੰਚ ਅਤੇ ਸੰਗਤ ਨੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।