ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਸ਼ੁਰੂ ਕਰਨ ਦੀ ਅਪੀਲ

ਨਵੀਂ ਦਿੱਲੀ: ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਡੂੰਘੀ ਧਾਰਮਿਕ ਅਤੇ ਭਾਵਨਾਤਮਕ ਸਾਂਝ ਹੈ। ਇਹ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਬਿਤਾਏ ਸਨ।
ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਮਈ 2025 ਵਿੱਚ ਸੁਰੱਖਿਆ ਸਥਿਤੀਆਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਕੁਝ ਵਿਸ਼ੇਸ਼ ਜਥਿਆਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਆਗਿਆ ਦਿੱਤੀ ਗਈ।
ਦਿੱਲੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲੋੜੀਂਦੇ ਸੁਰੱਖਿਆ, ਪ੍ਰਸ਼ਾਸਨਿਕ ਅਤੇ ਕੂਟਨੀਤਕ ਪ੍ਰਬੰਧ ਪੂਰੇ ਕਰਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਜਲਦੀ ਤੋਂ ਜਲਦੀ ਮੁੜ ਸ਼ੁਰੂ ਕੀਤਾ ਜਾਵੇ, ਤਾਂ ਜੋ ਸੰਗਤਾਂ ਬਿਨਾਂ ਕਿਸੇ ਰੁਕਾਵਟ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ।
ਕਮੇਟੀ ਨੇ ਇਹ ਵੀ ਉਮੀਦ ਜਤਾਈ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਉਣ ਵਾਲੇ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਲਾਂਘਾ ਮੁੜ ਸ਼ੁਰੂ ਕਰਨ ਬਾਰੇ ਸਕਾਰਾਤਮਕ ਐਲਾਨ ਕਰਨਗੇ।