ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਵਿਸ਼ੇਸ਼ ਆਰਥਿਕ ਪੈਕੇਜ ਤੇ ਲੰਬਿਤ ਮਸਲੇ ਹੱਲ ਕਰਨ ਦੀ ਉੱਠੀ ਮੰਗ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਖ-ਵੱਖ ਸਮਾਜਿਕ ਅਤੇ ਜਨਤਕ ਆਗੂਆਂ ਵੱਲੋਂ ਸੂਬੇ ਨਾਲ ਜੁੜੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦੇ ਹੱਲ ਅਤੇ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਤੀ ਗਈ ਹੈ।

ਇੱਕ ਸਾਂਝੇ ਬਿਆਨ ਵਿੱਚ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ, ਸੁਰਿੰਦਰਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਹਿਮਾਚਲ ਪ੍ਰਦੇਸ਼ ਅਤੇ ਹੋਰ ਪਹਾੜੀ ਰਾਜਾਂ ਵਾਂਗ ਵਿਸ਼ੇਸ਼ ਰਿਆਇਤਾਂ ਅਤੇ ਪ੍ਰੋਤਸਾਹਨ ਦਿੱਤੇ ਜਾਣੇ ਚਾਹੀਦੇ ਹਨ, ਤਾਂ ਜੋ ਨਵੇਂ ਉਦਯੋਗ ਸਥਾਪਤ ਹੋਣ ਅਤੇ ਰੁਜ਼ਗਾਰ ਦੇ ਮੌਕੇ ਵਧਣ।

ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਅਟਾਰੀ&ndashਵਾਹਗਾ ਸਰਹੱਦ ਰਾਹੀਂ ਭਾਰਤ-ਪਾਕਿਸਤਾਨ ਵਪਾਰ ਮੁੜ ਸ਼ੁਰੂ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੇ ਵਪਾਰ ਅਤੇ ਉਦਯੋਗ ਨੂੰ ਵੱਡਾ ਲਾਭ ਮਿਲ ਸਕਦਾ ਹੈ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਣਕ ਅਤੇ ਝੋਨੇ ਦੀ ਤਰ੍ਹਾਂ ਤੇਲ ਬੀਜਾਂ ਅਤੇ ਦਾਲਾਂ ਦੀਆਂ ਫ਼ਸਲਾਂ ਲਈ ਵੀ ਘੱਟੋ-ਘੱਟ ਸਮਰਥਨ ਮੁੱਲ ਦੀ ਪ੍ਰਭਾਵਸ਼ਾਲੀ ਵਿਵਸਥਾ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਵਾਜਬ ਭਾਅ ਮਿਲ ਸਕੇ।

ਇਸ ਤੋਂ ਇਲਾਵਾ ਆਗੂਆਂ ਨੇ ਅੰਮ੍ਰਿਤਸਰ ਨੂੰ ਪੰਜਾਬ ਦੀ ਰਾਜਧਾਨੀ ਐਲਾਨਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ 'ਤੇ ਵੀ ਕੇਂਦਰ ਸਰਕਾਰ ਵੱਲੋਂ ਸਕਾਰਾਤਮਕ ਫ਼ੈਸਲੇ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਸੂਬੇ ਦੇ ਅਹਿਮ ਮੁੱਦਿਆਂ ਦੇ ਹੱਲ ਲਈ ਇੱਕ ਮਹੱਤਵਪੂਰਨ ਮੌਕਾ ਸਾਬਤ ਹੋ ਸਕਦਾ ਹੈ।