ਕਪੂਰਥਲਾ ਵਿੱਚ ਪਾਣੀ ਦੇ ਛਿੱਟਿਆਂ ਤੋਂ ਸ਼ੁਰੂ ਹੋਇਆ ਵਿਵਾਦ ਖੂਨੀ ਬਣਿਆ, ਨੌਜਵਾਨ ਦੀ ਹੱਤਿਆ ਚਾਰ ਖ਼ਿਲਾਫ਼ ਕੇਸ ਦਰਜ

ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਉਪ ਮੰਡਲ ਅਧੀਨ ਪੈਂਦੇ ਪਿੰਡ ਨੰਗਲ ਲੁਬਾਣਾ ਵਿੱਚ ਇੱਕ ਮਾਮੂਲੀ ਤਕਰਾਰ ਨੇ ਗੰਭੀਰ ਰੂਪ ਧਾਰ ਲਿਆ। ਕਥਿਤ ਤੌਰ 'ਤੇ ਕਾਰ ਤੋਂ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ।

ਪੁਲਿਸ ਅਨੁਸਾਰ, ਵਿਵਾਦ ਤੋਂ ਬਾਅਦ ਚਾਰ ਵਿਅਕਤੀਆਂ ਨੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਸੂਚਨਾ ਮਿਲਣ 'ਤੇ ਬੇਗੋਵਾਲ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕੀਤੇ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕਪੂਰਥਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਭਜਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।