ਇਥੋਪੀਆ ਵਿੱਚ ਫਸੇ ਪੰਜਾਬ ਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਤੋਂ ਕੀਤੀ ਦਖ਼ਲ ਦੀ ਮੰਗ

ਚੰਡੀਗੜ੍ਹ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤੀ ਦੂਤਾਵਾਸ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸਤਨਾਮ ਸੰਧੂ ਨੇ ਦੱਸਿਆ ਕਿ ਚਾਰੇ ਨੌਜਵਾਨ ਸੈਰ-ਸਪਾਟਾ ਵੀਜ਼ੇ 'ਤੇ ਇਥੋਪੀਆ ਗਏ ਸਨ। ਉੱਥੇ ਪਹੁੰਚਣ ਤੋਂ ਬਾਅਦ ਉਹ ਮੁਸ਼ਕਲ ਹਾਲਾਤਾਂ ਵਿੱਚ ਫਸ ਗਏ ਅਤੇ ਬਾਅਦ ਵਿੱਚ ਇਥੋਪੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਹਿਰਾਸਤ ਵਿੱਚ ਪਹੁੰਚ ਗਏ। ਇਸ ਕਾਰਨ ਉਨ੍ਹਾਂ ਦੇ ਪਰਿਵਾਰ ਗੰਭੀਰ ਚਿੰਤਾ ਅਤੇ ਮਾਨਸਿਕ ਤਣਾਅ ਵਿੱਚ ਹਨ।
ਪੱਤਰ ਵਿੱਚ ਉਨ੍ਹਾਂ ਨੇ ਕਪੂਰਥਲਾ ਦੇ ਗੌਰਵ, ਗੁਰਦਾਸਪੁਰ ਦੇ ਮਨਜੀਤ ਸਿੰਘ ਅਤੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਨਾਲ ਸਬੰਧਤ ਸੁਖਵਿੰਦਰ ਸਿੰਘ ਅਤੇ ਸੁਰਜੀਤ ਸਿੰਘ ਦੀ ਜਲਦ ਅਤੇ ਸੁਰੱਖਿਅਤ ਵਤਨ ਵਾਪਸੀ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ।
ਸੰਧੂ ਨੇ ਕਿਹਾ ਕਿ ਉਹ ਖੁਦ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਵਿਦੇਸ਼ ਮੰਤਰਾਲੇ ਤੇ ਇਥੋਪੀਆ ਵਿੱਚ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕਰੇਗੀ ਅਤੇ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨਾਂ ਨਾਲ ਕਥਿਤ ਤੌਰ 'ਤੇ ਅਗਵਾ ਅਤੇ ਤਸ਼ੱਦਦ ਦੀ ਘਟਨਾ ਵੀ ਵਾਪਰੀ ਹੈ। ਇਸ ਮਾਮਲੇ ਸਬੰਧੀ ਮਿਲੀ ਜਾਣਕਾਰੀ ਅਤੇ ਹੋਰ ਵੇਰਵੇ ਭਾਰਤੀ ਅਧਿਕਾਰੀਆਂ ਨਾਲ ਸਾਂਝੇ ਕਰ ਦਿੱਤੇ ਗਏ ਹਨ, ਤਾਂ ਜੋ ਲੋੜੀਂਦੀ ਕੂਟਨੀਤਕ ਕਾਰਵਾਈ ਕੀਤੀ ਜਾ ਸਕੇ।
ਸੰਧੂ ਨੇ ਨਾਲ ਹੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਤੋਂ ਪਹਿਲਾਂ ਪੂਰੀ ਜਾਣਕਾਰੀ ਅਤੇ ਸੁਰੱਖਿਆ ਪੱਖਾਂ ਦੀ ਜਾਂਚ ਕਰਨ ਅਤੇ ਖ਼ਤਰਨਾਕ ਹਾਲਾਤਾਂ ਤੋਂ ਬਚਣ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਵਿੱਚ ਵਧੀਆ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਸਮੇਂ ਦੀ ਵੱਡੀ ਲੋੜ ਹੈ, ਤਾਂ ਜੋ ਨੌਜਵਾਨਾਂ ਨੂੰ ਜੋਖਮ ਭਰੇ ਰਸਤੇ ਅਪਣਾਉਣ ਦੀ ਲੋੜ ਨਾ ਪਵੇ।