ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ, ਕਈ ਮਤੇ ਪਾਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਬੈਠਕਾਂ ਹੋਈਆਂ। ਬੈਠਕਾਂ ਦੌਰਾਨ ਧਾਰਮਿਕ, ਪ੍ਰਬੰਧਕੀ ਅਤੇ ਪੰਥਕ ਮਸਲਿਆਂ ਸਬੰਧੀ ਕਈ ਮਤੇ ਪਾਸ ਕੀਤੇ ਗਏ।
ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇੱਕ ਮਤੇ ਰਾਹੀਂ ਅੱਸੀ ਅਤੇ ਨੱਬੇ ਦੇ ਦਹਾਕੇ ਦੌਰਾਨ ਸਿੱਖਾਂ ਨਾਲ ਵਾਪਰੀਆਂ ਘਟਨਾਵਾਂ ਨੂੰ ਦਰਸਾਉਣ ਵਾਲੀ ਫ਼ਿਲਮ 'ਸਤਲੁਜ' ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਮਤੇ ਵਿੱਚ ਕਿਹਾ ਗਿਆ ਕਿ ਉਸ ਦੌਰ ਦੀਆਂ ਘਟਨਾਵਾਂ ਨੂੰ ਇਤਿਹਾਸ ਦਾ ਦੁਖਦਾਈ ਅਧਿਆਇ ਮੰਨਦਿਆਂ ਸੱਚ ਸਾਹਮਣੇ ਲਿਆਉਣ ਦੇ ਉਪਰਾਲਿਆਂ ਦੀ ਕਦਰ ਕੀਤੀ ਜਾਣੀ ਚਾਹੀਦੀ ਹੈ।
ਧਾਮੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਉਜਾਗਰ ਕਰਨ ਲਈ ਕੀਤੇ ਗਏ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ। ਇਸ ਦੇ ਨਾਲ ਹੀ ਹਰਿਕੇ ਪੱਤਣ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਸਮੂਹਿਕ ਅਰਦਾਸ ਕਰਨ ਦੀ ਪਹਿਲ ਦਾ ਸਵਾਗਤ ਕਰਦਿਆਂ ਉਸ ਪ੍ਰਤੀ ਆਪਣੀ ਵਚਨਬੱਧਤਾ ਜਤਾਈ ਗਈ।
ਅੰਤ੍ਰਿੰਗ ਕਮੇਟੀ ਨੇ ਇੱਕ ਹੋਰ ਮਤੇ ਰਾਹੀਂ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ਨੂੰ ਵੀ ਉਠਾਇਆ। ਮਤੇ ਵਿੱਚ ਕਿਹਾ ਗਿਆ ਕਿ ਜਿਨ੍ਹਾਂ ਕੈਦੀਆਂ ਨੇ ਆਪਣੀ ਸਜ਼ਾ ਦਾ ਲੰਮਾ ਸਮਾਂ ਪੂਰਾ ਕਰ ਲਿਆ ਹੈ, ਉਨ੍ਹਾਂ ਦੇ ਮਾਮਲਿਆਂ 'ਤੇ ਕਾਨੂੰਨੀ ਅਤੇ ਮਨੁੱਖੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਬੈਠਕ ਦੌਰਾਨ ਗੁਰਦੁਆਰਾ ਸਾਹਿਬਾਂ, ਟਰੱਸਟਾਂ ਅਤੇ ਪ੍ਰਕਾਸ਼ਨ ਨਾਲ ਸਬੰਧਤ ਵੱਖ-ਵੱਖ ਪ੍ਰਸ਼ਾਸਕੀ ਮਾਮਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ।
ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੀ ਬੈਠਕ ਵਿੱਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਚੱਲ ਰਹੀਆਂ ਧਾਰਮਿਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।