ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਨਿਰਪੱਖ ਜਾਂਚ ਹੋਵੇ, ਦੋਸ਼ੀ ਨੂੰ ਸਜ਼ਾ ਅਤੇ ਬੇਕਸੂਰ ਨੂੰ ਇਨਸਾਫ਼ ਮਿਲੇ: ਪ੍ਰੋ. ਸਰਚਾਂਦ ਸਿੰਘ ਖਿਆਲਾ

 ਅੰਮ੍ਰਿਤਸਰ, 16 ਜੁਲਾਈ: ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਐਸਆਈਟੀ ਵੱਲੋਂ 20 ਜੁਲਾਈ ਨੂੰ ਤਲਬ ਕੀਤੇ ਜਾਣ ਦੇ ਸੰਦਰਭ ਵਿੱਚ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਇਸ ਪੂਰੇ ਮਾਮਲੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਕਾਨੂੰਨ ਅਨੁਸਾਰ ਜਾਂਚ ਦੀ ਹਮਾਇਤੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ "ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ" ਹੋਣਾ ਚਾਹੀਦਾ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਚਾਹੇ ਕੋਈ ਕਿੰਨਾ ਵੀ ਵੱਡਾ ਸਿਆਸੀ ਆਗੂ, ਅਧਿਕਾਰੀ ਜਾਂ ਪ੍ਰਭਾਵਸ਼ਾਲੀ ਵਿਅਕਤੀ ਕਿਉਂ ਨਾ ਹੋਵੇ, ਜੇਕਰ ਉਸ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਜਾਂ ਗਲਤ ਹੁਕਮ ਦਿੱਤੇ ਹਨ ਤਾਂ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਬੇਕਸੂਰ ਨੂੰ ਸਿਆਸੀ ਜਾਂ ਹੋਰ ਕਿਸੇ ਕਾਰਨ ਕਰਕੇ ਪਰੇਸ਼ਾਨ ਨਾ ਕੀਤਾ ਜਾਵੇ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਉਤਨਾ ਹੀ ਜ਼ਰੂਰੀ ਹੈ ਜਿੰਨਾ ਕਿ ਬੇਗੁਨਾਹ ਲੋਕਾਂ ਦੀ ਸੁਰੱਖਿਆ।

ਉਨ੍ਹਾਂ ਕਿਹਾ ਕਿ ਐਸਆਈਟੀ ਇਸ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਨੂੰ ਵੀ ਪੁੱਛਗਿੱਛ ਲਈ ਬੁਲਾ ਚੁੱਕੀ ਹੈ। ਵਿਜੇ ਸਾਂਪਲਾ ਨੇ ਐਸਆਈਟੀ ਨੂੰ ਉਹ ਮੰਗ-ਪੱਤਰ ਦੀ ਕਾਪੀ ਉਪਲਬਧ ਕਰਵਾਉਣ ਦੀ ਬੇਨਤੀ ਕੀਤੀ ਸੀ, ਜੋ ਉਹ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮਿਲ ਕੇ ਤਤਕਾਲੀ ਰਾਜਪਾਲ ਨੂੰ ਦੇ ਕੇ ਆਏ ਸਨ, ਤਾਂ ਜੋ ਉਹ ਆਪਣੇ ਦਸਤਖ਼ਤਾਂ ਦੀ ਪੁਸ਼ਟੀ ਕਰ ਸਕਣ। ਪ੍ਰੋ. ਖਿਆਲਾ ਨੇ ਸਵਾਲ ਕੀਤਾ ਕਿ ਜੇਕਰ ਇਹ ਦਸਤਾਵੇਜ਼ ਜਾਂਚ ਲਈ ਮਹੱਤਵਪੂਰਨ ਹੈ ਤਾਂ ਐਸਆਈਟੀ ਨੇ ਉਸ ਦੀ ਕਾਪੀ ਉਨ੍ਹਾਂ ਨੂੰ ਕਿਉਂ ਨਹੀਂ ਦਿੱਤੀ?

ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਨਾਲ ਭਾਜਪਾ ਦਾ ਕੋਈ ਸਿੱਧਾ ਸਬੰਧ ਨਹੀਂ ਸੀ, ਭਾਵੇਂ ਉਸ ਸਮੇਂ ਉਹ ਸਰਕਾਰ ਵਿੱਚ ਭਾਈਵਾਲ ਸੀ। ਗੋਲੀ ਚਲਾਉਣ ਦਾ ਫ਼ੈਸਲਾ ਕੈਬਨਿਟ ਵਿੱਚ ਨਹੀਂ ਲਿਆ ਗਿਆ ਸੀ। ਉਸ ਸਮੇਂ ਗ੍ਰਹਿ ਵਿਭਾਗ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਸੀ ਅਤੇ ਕਾਨੂੰਨ-ਵਿਵਸਥਾ ਨਾਲ ਸੰਬੰਧਤ ਫ਼ੈਸਲੇ ਲੈਣ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੇ ਅਧੀਨ ਸੀ।

ਪ੍ਰੋ. ਖਿਆਲਾ ਨੇ ਕਿਹਾ ਕਿ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਉਸ ਸਮੇਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਡੀਜੀਪੀ ਨਾਲ ਗੱਲਬਾਤ ਹੋਈ ਸੀ। ਇਸੇ ਤਰ੍ਹਾਂ ਤਤਕਾਲੀ ਮੁੱਖ ਮੰਤਰੀ ਦੇ ਓਐਸਡੀ ਗਗਨਦੀਪ ਸਿੰਘ ਬਰਾੜ ਵੱਲੋਂ ਵੀ ਕਥਿਤ ਤੌਰ 'ਤੇ ਇਹ ਗੱਲ ਸਾਹਮਣੇ ਆਈ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਹੁਕਮ ਦਿੱਤੇ ਗਏ ਸਨ। ਅਜਿਹੇ ਵਿੱਚ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਬਲ ਪ੍ਰਯੋਗ ਦੀ ਮਨਜ਼ੂਰੀ ਕਿਸ ਪੱਧਰ 'ਤੇ ਅਤੇ ਕਿਸ ਦੇ ਹੁਕਮਾਂ ਨਾਲ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੀ ਇਸ ਦੁਖਦਾਈ ਘਟਨਾ ਨੂੰ ਲਗਭਗ ਦਸ ਸਾਲ ਹੋ ਚੁੱਕੇ ਹਨ, ਜਿਸ ਵਿੱਚ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਸਰਾਵਾਂ ਸ਼ਹੀਦ ਹੋਏ। ਇੰਨਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਪ੍ਰੋ. ਖਿਆਲਾ ਨੇ ਕਿਹਾ ਕਿ ਐਸਆਈਟੀ ਦੀ ਰਿਪੋਰਟ ਅਤੇ ਚਲਾਨ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐਸਐਸਪੀ ਚਰਨਜੀਤ ਸ਼ਰਮਾ ਸਮੇਤ ਹੋਰਾਂ ਦੇ ਨਾਮ ਦਰਜ ਕੀਤੇ ਗਏ ਹਨ। ਹੁਣ ਜਦੋਂ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤਾ ਗਿਆ ਹੈ ਤਾਂ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਇਸ ਨਾਲ ਪੀੜਤ ਪਰਿਵਾਰਾਂ ਅਤੇ ਗਵਾਹਾਂ ਨੂੰ ਕਿਸੇ ਕਿਸਮ ਦੀ ਅਣਚਾਹੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੁਕੱਦਮੇ ਦੀ ਸੁਣਵਾਈ ਵਿੱਚ ਬੇਲੋੜੀ ਦੇਰੀ ਨਾ ਹੋਵੇ।

ਉਨ੍ਹਾਂ ਕਿਹਾ ਕਿ ਇਹ ਵੀ ਚਰਚਾ ਦਾ ਵਿਸ਼ਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ਨੂੰ ਨਿਰਪੱਖ ਢੰਗ ਨਾਲ ਅੱਗੇ ਵਧਾ ਰਹੀ ਹੈ ਜਾਂ ਇਸ ਨੂੰ ਚੋਣਾਂ ਤੋਂ ਪਹਿਲਾਂ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਹੁਣ ਤੱਕ ਇਸ ਮਾਮਲੇ ਵਿੱਚ ਕਈ ਐਸਆਈਟੀਆਂ ਬਣ ਚੁੱਕੀਆਂ ਹਨ ਅਤੇ ਸਰਕਾਰ ਨੂੰ ਵੀ ਸੱਤਾ ਵਿੱਚ ਆਏ ਲਗਭਗ ਪੌਣੇ ਪੰਜ ਸਾਲ ਹੋ ਚੁੱਕੇ ਹਨ। ਜੇਕਰ ਜਾਂਚ ਵਿੱਚ ਤੇਜ਼ੀ ਉਸ ਵੇਲੇ ਆਉਂਦੀ ਹੈ ਜਦੋਂ ਚੋਣਾਂ ਨੇੜੇ ਹਨ, ਤਾਂ ਕੁਦਰਤੀ ਤੌਰ 'ਤੇ ਲੋਕਾਂ ਦੇ ਮਨ ਵਿੱਚ ਸਵਾਲ ਉੱਠਣਗੇ। ਇਨ੍ਹਾਂ ਸਵਾਲਾਂ ਦੇ ਜਵਾਬ ਸਰਕਾਰ ਨੂੰ ਆਪਣੇ ਕੰਮ ਅਤੇ ਨਿਰਪੱਖਤਾ ਨਾਲ ਦੇਣੇ ਚਾਹੀਦੇ ਹਨ।

ਅੰਤ ਵਿੱਚ ਪ੍ਰੋ. ਖਿਆਲਾ ਨੇ ਕਿਹਾ ਕਿ ਭਾਜਪਾ ਦੀ ਸਪੱਸ਼ਟ ਮੰਗ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਮੁਕੰਮਲ ਕੀਤੀ ਜਾਵੇ, ਦੋਸ਼ੀਆਂ ਨੂੰ ਸਜ਼ਾ ਮਿਲੇ, ਬੇਕਸੂਰਾਂ ਨੂੰ ਇਨਸਾਫ਼ ਮਿਲੇ ਅਤੇ ਪੀੜਤ ਪਰਿਵਾਰਾਂ ਨੂੰ ਬਿਨਾਂ ਹੋਰ ਦੇਰੀ ਕੀਤੇ ਨਿਆਂ ਪ੍ਰਦਾਨ ਕੀਤਾ ਜਾਵੇ।