ਕੈਨੇਡਾ 'ਚ ਸੜਕ ਹਾਦਸੇ ਨੇ ਬੁਝਾਇਆ ਪੰਜਾਬੀ ਨੌਜਵਾਨ ਦਾ ਚਿਰਾਗ, ਪਰਿਵਾਰ ਨੇ ਸਰਕਾਰ ਕੋਲ ਲਾਈ ਮਦਦ ਦੀ ਗੁਹਾਰ

ਸਮਾਣਾ: ਕੈਨੇਡਾ ਵਿੱਚ ਵਾਪਰੇ ਇੱਕ ਦੁਖਦਾਈ ਸੜਕ ਹਾਦਸੇ ਵਿੱਚ ਪੰਜਾਬ ਦੇ ਸਮਾਣਾ ਨੇੜਲੇ ਪਿੰਡ ਫਤਿਹਪੁਰ ਦੇ ਨੌਜਵਾਨ ਬਿਕਰਮਜੀਤ ਸਿੰਘ ਦੀ ਮੌਤ ਹੋ ਜਾਣ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਬਿਕਰਮਜੀਤ ਸਿੰਘ ਕੁਝ ਸਮਾਂ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਕੈਨੇਡਾ ਗਿਆ ਸੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਮਾਤਮ ਛਾ ਗਿਆ। ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪਿੰਡ ਵਾਸੀ ਵੀ ਇਸ ਦੁਖਦਾਈ ਘਟਨਾ ਨਾਲ ਗਹਿਰੇ ਸਦਮੇ ਵਿੱਚ ਹਨ।

ਮ੍ਰਿਤਕ ਦੇ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਬਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਲਈ ਲੋੜੀਂਦੀ ਕੂਟਨੀਤਿਕ ਅਤੇ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।

ਪਰਿਵਾਰ ਦਾ ਕਹਿਣਾ ਹੈ ਕਿ ਹੁਣ ਤੱਕ ਕੋਈ ਵੀ ਸਰਕਾਰੀ ਜਾਂ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨਾਲ ਸੰਪਰਕ ਕਰਨ ਨਹੀਂ ਪਹੁੰਚਿਆ, ਜਿਸ ਕਾਰਨ ਉਨ੍ਹਾਂ ਨੂੰ ਅਗਲੀ ਕਾਰਵਾਈ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਤੁਰੰਤ ਸਹਾਇਤਾ ਮੁਹੱਈਆ ਕਰਵਾਏ।

ਇਸ ਘਟਨਾ ਦੇ ਮੱਦੇਨਜ਼ਰ ਪਰਿਵਾਰ ਨੇ ਇਹ ਵੀ ਕਿਹਾ ਕਿ ਦੇਸ਼ ਵਿੱਚ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ਾਂ ਦਾ ਰੁਖ ਨਾ ਕਰਨਾ ਪਵੇ। ਇਹ ਮਾਮਲਾ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਅਤੇ ਉਨ੍ਹਾਂ ਨਾਲ ਜੁੜੀਆਂ ਚੁਣੌਤੀਆਂ ਵੱਲ ਧਿਆਨ ਖਿੱਚਦਾ ਹੈ।