ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ

ਕੇਂਦਰ ਸਰਕਾਰ ਨੇ ਹਰਜੀਤ ਸਿੰਘ ਗਰੇਵਾਲ ਨੂੰ ਤਿੰਨ ਸਾਲਾਂ ਦੀ ਮਿਆਦ ਲਈ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨ ਸੀ ਐੱਮ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਗਰੇਵਾਲ, ਇਕਬਾਲ ਸਿੰਘ ਲਾਲਪੁਰਾ ਦੀ ਥਾਂ ਲੈਣਗੇ, ਜੋ ਪਹਿਲਾਂ ਇਸ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੇਵਾ ਨਿਭਾ ਚੁੱਕੇ ਹਨ।
ਗਰੇਵਾਲ ਨੂੰ ਪਹਿਲਾਂ ਪੰਜਾਬ ਵਿੱਚ ਭਾਜਪਾ ਦਾ ਪ੍ਰਮੁੱਖ ਸਿੱਖ ਚਿਹਰਾ ਮੰਨਿਆ ਜਾਂਦਾ ਸੀ। ਖ਼ਾਸ ਕਰਕੇ ਭਾਜਪਾ ਦੇ ਕਿਸਾਨ ਵਿੰਗ ਲਈ ਉਨ੍ਹਾਂ ਨੇ ਕਾਫ਼ੀ ਕੰਮ ਕੀਤਾ ਸੀ। ਹਾਲਾਂਕਿ, ਪੰਜਾਬ ਵਿੱਚ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੌਰਾਨ ਗਰੇਵਾਲ ਹੌਲੀ-ਹੌਲੀ ਪਿੱਛੇ ਪੈਂਦੇ ਗਏ। ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਵਕਾਰੀ ਅਹੁਦਾ ਦੇ ਕੇ ਸਿਆਸੀ ਤੌਰ &rsquoਤੇ &rsquoਅਡਜਸਟ&rsquo ਕੀਤਾ ਗਿਆ ਹੈ।
ਕੇਂਦਰ ਸਰਕਾਰ ਨੇ ਐੱਸ ਮੁਨਵਰੀ ਬੇਗਮ ਨੂੰ ਮੁਸਲਿਮ ਨੁਮਾਇੰਦੇ ਵਜੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਉਪ-ਚੇਅਰਪਰਸਨ ਨਿਯੁਕਤ ਕੀਤਾ ਹੈ, ਜਦੋਂ ਕਿ ਗਲੇਨ ਈ ਸੂਜ਼ਾ ਟਿੱਕਲੋ ਨੂੰ ਈਸਾਈ ਭਾਈਚਾਰੇ ਦੇ ਨੁਮਾਇੰਦੇ ਵਜੋਂ ਕਮਿਸ਼ਨ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਹ ਨਿਯੁਕਤੀਆਂ ਕੇਂਦਰ ਸਰਕਾਰ ਵੱਲੋਂ ਇਸ ਸੰਵਿਧਾਨਕ ਸੰਸਥਾ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਗਈਆਂ ਹਨ, ਜੋ ਦੇਸ਼ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਜ਼ਿੰਮੇਵਾਰ ਹੈ।