ਅਮਰੀਕੀ ਚੋਣਾਂ ਵਿੱਚ ਦਖ਼ਲ ਦੇ ਦੋਸ਼ਾਂ ਨੂੰ ਚੀਨ ਨੇ ਕੀਤਾ ਰੱਦ, ਟਰੰਪ ਦੇ ਬਿਆਨ ‘ਤੇ ਦਿੱਤਾ ਜਵਾਬ

ਬੀਜਿੰਗ: ਅਮਰੀਕਾ ਦੀਆਂ ਚੋਣਾਂ ਵਿੱਚ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਚੀਨ ਨੇ ਸਖ਼ਤੀ ਨਾਲ ਰੱਦ ਕਰਦਿਆਂ ਕਿਹਾ ਹੈ ਕਿ ਉਸ ਨੇ ਨਾ ਕਦੇ ਅਜਿਹੀ ਕੋਈ ਕਾਰਵਾਈ ਕੀਤੀ ਹੈ ਅਤੇ ਨਾ ਹੀ ਇਸ ਵਿੱਚ ਉਸ ਦੀ ਕੋਈ ਦਿਲਚਸਪੀ ਹੈ। ਚੀਨ ਨੇ ਅਮਰੀਕਾ ਨੂੰ ਬਿਨਾਂ ਸਬੂਤ ਅਜਿਹੇ ਦੋਸ਼ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਹੈ।
ਇਹ ਪ੍ਰਤੀਕਿਰਿਆ ਉਸ ਵੇਲੇ ਸਾਹਮਣੇ ਆਈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਚੀਨ ਨੇ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ।
ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਕਿਹਾ ਕਿ ਅਮਰੀਕਾ ਵੱਲੋਂ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਉਨ੍ਹਾਂ ਦਾ ਮਕਸਦ ਚੀਨ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਚੀਨ ਦੂਜੇ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਾ ਕਰਨ ਦੀ ਨੀਤੀ &lsquoਤੇ ਕਾਇਮ ਹੈ ਅਤੇ ਅਮਰੀਕੀ ਚੋਣਾਂ ਵਿੱਚ ਦਖ਼ਲ ਦੇਣ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ।
ਇਸ ਮਾਮਲੇ ਨੂੰ ਲੈ ਕੇ ਦੋਵੇਂ ਦੇਸ਼ਾਂ ਵਿਚਾਲੇ ਬਿਆਨਬਾਜ਼ੀ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਹਾਲਾਂਕਿ, ਚੋਣਾਂ ਵਿੱਚ ਕਥਿਤ ਦਖ਼ਲਅੰਦਾਜ਼ੀ ਦੇ ਦਾਅਵਿਆਂ ਬਾਰੇ ਦੋਵੇਂ ਪੱਖ ਆਪਣੀਆਂ-ਆਪਣੀਆਂ ਸਥਿਤੀਆਂ &lsquoਤੇ ਕਾਇਮ ਹਨ।