ਪੰਜਾਬ ਸਰਕਾਰ ਦਾ ਵੱਡਾ ਫੈਸਲਾ: 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਮੁਹਿੰਮ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਯੋਗ ਪਰਿਵਾਰਾਂ ਨੂੰ ਰਾਸ਼ਨ ਯੋਜਨਾ ਦਾ ਲਾਭ ਦੇਣ ਲਈ ਵੱਡਾ ਕਦਮ ਚੁੱਕਦਿਆਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝਾ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 21 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ ਅਤੇ ਅਰਜ਼ੀਆਂ ਸਵੀਕਾਰ ਕਰਨ ਦਾ ਕੰਮ ਭਲਕੇ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਯੋਗਤਾ ਦੀ ਜਾਂਚ ਪੂਰੀ ਤਰ੍ਹਾਂ ਡਿਜੀਟਲ ਤਰੀਕੇ ਨਾਲ ਕੀਤੀ ਜਾਵੇਗੀ, ਜਿਸ ਨਾਲ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਤੇਜ਼ ਬਣੇਗੀ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਬੇਅਦਬੀ ਨਾਲ ਸਬੰਧਤ ਕਾਨੂੰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ ਤਾਂ ਜੋ ਇਸ ਮਾਮਲੇ ਵਿੱਚ ਪ੍ਰਭਾਵਸ਼ਾਲੀ ਕਾਨੂੰਨੀ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ।
ਇਹ ਪਹਿਲ ਰਾਹੀਂ ਉਹਨਾਂ ਪਰਿਵਾਰਾਂ ਨੂੰ ਰਾਸ਼ਨ ਯੋਜਨਾ ਨਾਲ ਜੋੜਨ ਦਾ ਉਦੇਸ਼ ਹੈ ਜੋ ਹੁਣ ਤੱਕ ਇਸ ਸਹੂਲਤ ਤੋਂ ਵਾਂਝੇ ਰਹੇ ਹਨ।