ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ

ਲੰਡਨ: ਲੇਬਰ ਪਾਰਟੀ ਦੇ ਆਗੂ ਐਂਡੀ ਬਰਨਹੈਮ ਨੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪਿਛਲੇ ਇੱਕ ਦਹਾਕੇ ਦੌਰਾਨ ਦੇਸ਼ ਦੇ ਸੱਤਵੇਂ ਪ੍ਰਧਾਨ ਮੰਤਰੀ ਬਣੇ ਹਨ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਨੇ ਮਹਿੰਗਾਈ, ਜਨਤਕ ਸੇਵਾਵਾਂ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਨੂੰ ਆਪਣੀ ਸਰਕਾਰ ਦੀਆਂ ਮੁੱਖ ਤਰਜੀਹਾਂ ਦੱਸਿਆ।
ਸਾਬਕਾ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿੰਗ ਚਾਰਲਜ਼ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਅਹੁਦਾ ਛੱਡ ਦਿੱਤਾ। ਇਸ ਤੋਂ ਬਾਅਦ ਐਂਡੀ ਬਰਨਹੈਮ ਨੇ ਕਿੰਗ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਸੱਦਾ ਸਵੀਕਾਰ ਕੀਤਾ ਅਤੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।
56 ਸਾਲਾ ਬਰਨਹੈਮ ਅਜਿਹੇ ਸਮੇਂ ਸੱਤਾ ਵਿੱਚ ਆਏ ਹਨ ਜਦੋਂ ਬ੍ਰਿਟੇਨ ਆਰਥਿਕ ਮੰਦੀ, ਜਨਤਕ ਸੇਵਾਵਾਂ ਦੀਆਂ ਚੁਣੌਤੀਆਂ ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਹੁਣ ਉਨ੍ਹਾਂ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਆਪਣੀ ਕੈਬਨਿਟ ਦਾ ਗਠਨ ਕਰਨਾ ਹੋਵੇਗੀ, ਜਿਸ ਵਿੱਚ ਵਿੱਤ ਮੰਤਰੀ ਦੀ ਨਿਯੁਕਤੀ ਨੂੰ ਖਾਸ ਤੌਰ 'ਤੇ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਐਂਡੀ ਬਰਨਹੈਮ ਨੂੰ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਬ੍ਰਿਟੇਨ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਜ਼ਨ 2035 ਦੇ ਟੀਚਿਆਂ ਨੂੰ ਅੱਗੇ ਵਧਾਉਣ ਲਈ ਉਹ ਨਵੇਂ ਪ੍ਰਧਾਨ ਮੰਤਰੀ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਨ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਅਤੇ ਰਣਨੀਤਕ ਸਹਿਯੋਗ ਦੇ ਹੋਰ ਮਜ਼ਬੂਤ ਹੋਣ ਦੀ ਵੀ ਉਮੀਦ ਜਤਾਈ।