ਮੁਅੱਤਲ ਡੀਆਈਜੀ ਹਰਚਰਨ ਭੁੱਲਰ ਦੀ ਅਦਾਲਤ 'ਚ ਅਰਜ਼ੀ, ਹਰ ਸੁਣਵਾਈ ਦੌਰਾਨ ਨਿੱਜੀ ਹਾਜ਼ਰੀ ਦੀ ਕੀਤੀ ਮੰਗ

ਚੰਡੀਗੜ੍ਹ: ਭ੍ਰਿਸ਼ਟਾਚਾਰ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਚੱਲ ਰਹੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਹਰ ਸੁਣਵਾਈ ਦੌਰਾਨ ਖੁਦ ਅਦਾਲਤ ਵਿੱਚ ਪੇਸ਼ ਹੋਣ ਦੀ ਇਜਾਜ਼ਤ ਮੰਗੀ ਹੈ।

ਅਰਜ਼ੀ ਵਿੱਚ ਭੁੱਲਰ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਅਦਾਲਤੀ ਕਾਰਵਾਈ ਤੋਂ ਪਹਿਲਾਂ ਅਤੇ ਬਾਅਦ ਆਪਣੇ ਵਕੀਲ ਨਾਲ ਇਕਾਂਤ ਵਿੱਚ ਸਲਾਹ-ਮਸ਼ਵਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰ ਸਕਣ।

ਮਾਮਲੇ ਦੀ ਸੁਣਵਾਈ ਕਰਦਿਆਂ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 22 ਜੁਲਾਈ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਅਦਾਲਤ ਅਰਜ਼ੀ 'ਤੇ ਅਗਲਾ ਫ਼ੈਸਲਾ ਕਰੇਗੀ।

ਫਿਲਹਾਲ ਇਹ ਮਾਮਲਾ ਸਰਕਾਰੀ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਪੜਾਅ ਵਿੱਚ ਹੈ। ਹਰਚਰਨ ਸਿੰਘ ਭੁੱਲਰ ਇਸ ਸਮੇਂ ਚੰਡੀਗੜ੍ਹ ਦੀ ਮਾਡਲ ਜੇਲ੍ਹ ਬੁੜੈਲ ਵਿੱਚ ਨਿਆਂਇਕ ਹਿਰਾਸਤ ਅਧੀਨ ਹਨ ਅਤੇ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।