ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਬਾਰਡਰ 'ਤੇ ਭਾਰੀ ਇਕੱਠ

ਸ਼ੰਭੂ/ਨਵੀਂ ਦਿੱਲੀ: ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਦਿੱਲੀ ਕੂਚ ਦੇ ਸੱਦੇ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਰਾਜਧਾਨੀ ਵੱਲ ਰਵਾਨਾ ਹੋਏ। ਇਸ ਦੌਰਾਨ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।

ਕਿਸਾਨ ਆਗੂਆਂ ਦੀ ਅਗਵਾਈ ਹੇਠ ਰਵਾਨਾ ਹੋਏ ਜਥੇ ਰਾਤ ਸਮੇਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਠਹਿਰੇ ਸਨ। ਸਵੇਰੇ ਦਿੱਲੀ ਵੱਲ ਕੂਚ ਕਰਨ ਦੌਰਾਨ ਸ਼ੰਭੂ ਸਰਹੱਦ 'ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਰੋਕ ਲਗਾਏ ਜਾਣ ਕਾਰਨ ਉੱਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਗਏ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਭਾਰਤ-ਅਮਰੀਕਾ ਵਪਾਰ ਸਮਝੌਤੇ ਸਬੰਧੀ ਆਪਣੀਆਂ ਚਿੰਤਾਵਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਦਿੱਲੀ ਵਿੱਚ ਮਹਾਰੈਲੀ ਕਰਨਾ ਚਾਹੁੰਦੇ ਹਨ। ਦੂਜੇ ਪਾਸੇ, ਪ੍ਰਸ਼ਾਸਨ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਹਨ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਕਈ ਰੂਟਾਂ 'ਤੇ ਟ੍ਰੈਫਿਕ ਡਾਇਵਰਟ ਕੀਤਾ ਗਿਆ ਹੈ।

ਸ਼ੰਭੂ ਬਾਰਡਰ 'ਤੇ ਹਾਲਾਤਾਂ 'ਤੇ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦੀ ਲਗਾਤਾਰ ਨਜ਼ਰ ਬਣੀ ਹੋਈ ਹੈ। ਦੋਵੇਂ ਪੱਖਾਂ ਵਿਚਾਲੇ ਗੱਲਬਾਤ ਦੀਆਂ ਸੰਭਾਵਨਾਵਾਂ ਵੀ ਜਤਾਈਆਂ ਜਾ ਰਹੀਆਂ ਹਨ, ਜਦਕਿ ਕਿਸਾਨ ਆਪਣੇ ਅਗਲੇ ਕਦਮ ਬਾਰੇ ਮੌਕੇ ਦੀ ਸਥਿਤੀ ਨੂੰ ਦੇਖਦਿਆਂ ਫ਼ੈਸਲਾ ਕਰਨ ਦੀ ਗੱਲ ਕਹਿ ਰਹੇ ਹਨ।