ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 11ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੈਗਾਂ ਦੀ ਵੰਡ ਸ਼ੁਰੂ

ਮੁਹਾਲੀ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁਫ਼ਤ ਸਕੂਲੀ ਬੈਗ ਵੰਡਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਸੂਬੇ ਭਰ ਦੇ ਕਰੀਬ ਚਾਰ ਲੱਖ ਵਿਦਿਆਰਥੀਆਂ ਨੂੰ ਨਵੇਂ ਸਕੂਲੀ ਬੈਗ ਮੁਹੱਈਆ ਕਰਵਾਏ ਜਾਣਗੇ।
ਸਰਕਾਰੀ ਸਕੂਲਾਂ ਵਿੱਚ ਵੰਡੇ ਜਾ ਰਹੇ ਇਹ ਬੈਗ ਕੇਸਰੀ ਰੰਗ ਦੇ ਹਨ ਅਤੇ ਇਨ੍ਹਾਂ 'ਤੇ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵੀ ਛਪੀ ਹੋਈ ਹੈ। ਮੁਹਾਲੀ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਇਹ ਬੈਗ ਵੰਡੇ ਗਏ।
ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਹ ਬੈਗ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕਰਵਾਏ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੀ ਸਹੂਲਤ ਪ੍ਰਦਾਨ ਕਰਨਾ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਦੌਰਾਨ ਬੈਗਾਂ ਦੇ ਰੰਗ ਅਤੇ ਉਨ੍ਹਾਂ 'ਤੇ ਛਪੀ ਮੁੱਖ ਮੰਤਰੀ ਦੀ ਤਸਵੀਰ ਨੂੰ ਲੈ ਕੇ ਸਿਆਸੀ ਚਰਚਾ ਵੀ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਇਸ ਮਾਮਲੇ 'ਤੇ ਸਵਾਲ ਉਠਾ ਰਹੀ ਹੈ, ਜਦਕਿ ਸਰਕਾਰ ਇਸ ਨੂੰ ਸਿੱਖਿਆ ਖੇਤਰ ਵਿੱਚ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਦੱਸ ਰਹੀ ਹੈ।