ਪ੍ਰਧਾਨ ਮੰਤਰੀ ਨਿਵਾਸ ਬਾਹਰ ਕਾਂਗਰਸ ਦਾ ਪ੍ਰਦਰਸ਼ਨ, ਚਰਨਜੀਤ ਸਿੰਘ ਚੰਨੀ ਸਮੇਤ ਕਈ ਆਗੂ ਹਿਰਾਸਤ ਵਿੱਚ

ਨਵੀਂ ਦਿੱਲੀ: ਨੀਟ-ਯੂਜੀ 2026 ਪੇਪਰ ਲੀਕ ਮਾਮਲੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਦੇ ਦਰਮਿਆਨ ਕਾਂਗਰਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।
ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ਤੋਂ ਪੇਪਰ ਲੀਕ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ ਅਤੇ ਸਬੰਧਤ ਮੁੱਦਿਆਂ 'ਤੇ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਅਪੀਲ ਕੀਤੀ।
ਇਸੇ ਦੌਰਾਨ, NEET-UG 2026 ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਦੇ ਸੰਸਦ ਮਾਰਚ ਦੌਰਾਨ ਵੀ ਦਿੱਲੀ ਵਿੱਚ ਤਣਾਅਪੂਰਨ ਸਥਿਤੀ ਬਣੀ ਰਹੀ। ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਹੋਈ ਝੜਪਾਂ ਤੋਂ ਬਾਅਦ ਸਰਕਾਰ ਅਤੇ ਆਗੂਆਂ ਵਿਚਾਲੇ ਗੱਲਬਾਤ ਹੋਈ, ਪਰ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਦਿੱਲੀ ਪੁਲੀਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਹਨ, ਜਦਕਿ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਆਵਾਜਾਈ 'ਤੇ ਵੀ ਅਸਰ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਨੇ ਇਸ ਕਾਰਵਾਈ ਨੂੰ ਲੋਕਤੰਤਰੀ ਹੱਕਾਂ 'ਤੇ ਪਾਬੰਦੀ ਕਰਾਰ ਦਿੱਤਾ ਹੈ, ਜਦਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਕਦਮ ਚੁੱਕੇ ਗਏ ਹਨ।