ਅਮਰੀਕਾ-ਇਰਾਨ ਤਣਾਅ ਵਿਚਕਾਰ ਇਰਾਨੀ ਵਫ਼ਦ ਪਾਕਿਸਤਾਨ ਦੌਰੇ 'ਤੇ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਇਸਲਾਮਾਬਾਦ: ਅਮਰੀਕਾ ਅਤੇ ਇਰਾਨ ਵਿਚਾਲੇ ਵਧ ਰਹੇ ਤਣਾਅ ਦੇ ਦਰਮਿਆਨ ਇਰਾਨ ਦਾ ਇੱਕ ਉੱਚ ਪੱਧਰੀ ਵਫ਼ਦ ਪਾਕਿਸਤਾਨ ਦੇ ਦੌਰੇ 'ਤੇ ਪਹੁੰਚਿਆ ਹੈ। ਇਰਾਨ ਦੇ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਆਇਆ ਇਹ ਵਫ਼ਦ ਪਾਕਿਸਤਾਨੀ ਲੀਡਰਸ਼ਿਪ ਨਾਲ ਸੁਰੱਖਿਆ, ਸਰਹੱਦੀ ਸਹਿਯੋਗ ਅਤੇ ਖੇਤਰੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕਰੇਗਾ।

ਦੌਰੇ ਦੌਰਾਨ ਵਫ਼ਦ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼, ਗ੍ਰਹਿ ਮੰਤਰੀ ਮੋਹਸਿਨ ਨਕਵੀ ਅਤੇ ਫੌਜੀ ਲੀਡਰਸ਼ਿਪ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਦੋਵੇਂ ਦੇਸ਼ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨਗੇ।

ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਮੱਧ ਪੂਰਬ ਵਿੱਚ ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਲਗਾਤਾਰ ਵੱਧ ਰਿਹਾ ਹੈ ਅਤੇ ਖੇਤਰੀ ਸੁਰੱਖਿਆ ਸਥਿਤੀ ਨੂੰ ਲੈ ਕੇ ਚਿੰਤਾਵਾਂ ਬਣੀਆਂ ਹੋਈਆਂ ਹਨ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਮੁਲਾਕਾਤ ਦੌਰਾਨ ਦੋਵੇਂ ਦੇਸ਼ ਆਪਸੀ ਤਾਲਮੇਲ ਅਤੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ ਕਦਮਾਂ 'ਤੇ ਵੀ ਵਿਚਾਰ ਕਰ ਸਕਦੇ ਹਨ।